FEATURED NEWS News PUNJAB NEWS

ਬੇਅਦਬੀ ਮਾਮਲੇ ‘ਚੋਂ ਪਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ : ਕੈਪਟਨ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਪਹਿਲਾਂ ਹੀ ਅੰਬਰੀਂ ਚੜ੍ਹੀਆਂ ਹੋਈਆਂ ਹਨ ਅਤੇ ਹੁਣ ਇਨ੍ਹਾਂ ਮੁਸੀਬਤਾਂ ਨੇ ਸੱਤਾਧਿਰ ਕਾਂਗਰਸ ਦਾ ਬੂਹਾ ਆ ਮੱਲਿਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਦਿੱਤੀ ਇਕ ਇੰਟਰਵਿਊ ‘ਚ ਕਿਹਾ ਗਿਆ ਸੀ ਕਿ ਬੇਅਦਬੀ ਮਾਮਲਿਆਂ ‘ਚ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਪਰ ਅੱਜ ਕੈਪਟਨ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।ਇਕ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਕੈਪਟਨ ਨੇ ਕਿਹਾ ਸੀ ਕਿ ਜਦੋਂ ਤਕ ਪੂਰੀ ਜਾਂਚ ਨਾ ਹੋ ਜਾਵੇ ਉਦੋਂ ਤਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਸ ਸਮੇਂ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਗੋਲੀ ਚੱਲੀ ਉਸ ਸਮੇਂ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਅਤੇ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸੀ, ਹੋ ਸਕਦਾ ਹੈ ਗੋਲੀ ਚਲਾਉਣ ਦੀ ਇਜਾਜ਼ਤ ਮੁੱਖ ਮੰਤਰੀ ਵਲੋਂ ਦਿੱਤੀ ਗਈ ਹੋਵੇ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਸੀ ਕਿ ਜਿਥੋਂ ਤਕ ਭਾਗ ਪਹਿਲਾ ਬੇਅਦਬੀ ਦੀ ਗੱਲ ਹੈ ਤਾਂ ਇਸ ਵਿਚ ਪਰਕਾਸ਼ ਸਿੰਘ ਬਾਦਲ ਸ਼ਾਮਲ ਨਹੀਂ ਹਨ।ਅੱਜ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਮਾਮਲੇ ‘ਚੋਂ ਪਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ, “ਮੈਂ ਇਹ ਨਹੀਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦਾ ਬੇਟਾ ਸੁਖਬੀਰ ਬਾਦਲ ਇਸ ਮਾਮਲੇ ‘ਚ ਸ਼ਾਮਲ ਨਹੀਂ ਸੀ। ਇੰਟਰਵਿਊ ਤੋਂ ਸਪਸ਼ਟ ਹੈ ਮੈਂ ਸਿਰਫ਼ ਇਹ ਕਿਹਾ ਹੈ ਕਿ ਬਾਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖੁਦ ਨਹੀਂ ਕਰਦੇ ਪਰ ਇਸ ਨਾਲ ਉਨ੍ਹਾਂ ਦੀ ਇਸ ਮਾਮਲੇ ‘ਚ ਸ਼ਮੂਲੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ।”