Home » FEATURED NEWS » ਭਾਰਤ ਨੇ ਪਾਕਿ ਤੋਂ ਡਾ. ਮਨਮੋਹਨ ਸਿੰਘ ਲਈ ਮੰਗੀ ਜੈੱਡ–ਪਲੱਸ ਸੁਰੱਖਿਆ
mm

ਭਾਰਤ ਨੇ ਪਾਕਿ ਤੋਂ ਡਾ. ਮਨਮੋਹਨ ਸਿੰਘ ਲਈ ਮੰਗੀ ਜੈੱਡ–ਪਲੱਸ ਸੁਰੱਖਿਆ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਭਾਰਤ-ਪਾਕਿ ਸਰਹੱਦ ‘ਤੇ ਬਣੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ 550 ਸ਼ਰਧਾਲੂਆਂ ਦੇ ਪਹਿਲੇ ਜੱਥੇ ਵਿਚ ਸ਼ਾਮਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਪਾਕਿਸਤਾਨ ਤੋਂ ਜ਼ੈੱਡ–ਪਲੱਸ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ ਜਦ ਕਿ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ ਸਾਬਕਾ ਪੀਐਮ ਮਨਮੋਹਨ ਸਿੰਘ ਲਈ ਬੈਟਰੀ ਨਾਲ ਚੱਲਣ ਵਾਲੀ ਖੁੱਲ੍ਹੀ ਕਾਰ ਦਾ ਇੰਤਜ਼ਾਮ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਆਲ ਖੜ੍ਹੇ ਕੀਤੇ ਹਨ। ਭਾਰਤ ਦੀ ਮੋਦੀ ਸਰਕਾਰ ਵੱਲੋਂ ਇਹ ਚਿੰਤਾ ਖ਼ੁਫ਼ੀਆ ਏਜੰਸੀਆਂ ਵੱਲੋਂ ਕਰਤਾਰਪੁਰ ਸਾਹਿਬ ਵਿਚ ਅਤਿਵਾਦੀ ਹਮਲੇ ਬਾਰੇ ਦਿੱਤੀਆਂ ਖ਼ੁਫ਼ੀਆ ਰਿਪੋਰਟਾਂ ਤੋਂ ਬਾਅਦ ਜਤਾਈ ਗਈ ਹੈ। ਜਿਸ ਨੂੰ ਲੈ ਕੇ ਮੋਦੀ ਸਰਕਾਰ ਵੱਲੋਂ ਪੰਜਾਬ, ਯੂਪੀ ਅਤੇ ਜੰਮੂ ਕਸ਼ਮੀਰ ਵਿਚ ਹਾਈ ਅਲਰਟ ਵੀ ਜਾਰੀ ਕੀਤਾ ਗਿਆ ਸੀ। ਜਗਤ ਗੁਰੂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਲਈ 550 ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਾਮ ਵੀ ਸ਼ਾਮਲ ਹੈ ਜਦਕਿ ਉਨ੍ਹਾਂ ਤੋਂ ਇਲਾਵਾ ਇਸ ਜਥੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਸਾਂਸਦ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਇਹ ਜੱਥਾ ਗੁਰਦੁਆਰਾ ਸਾਹਿਬ ਤੱਕ ਲਗਭਗ ਚਾਰ ਕਿਲੋਮੀਟਰ ਪਾਕਿਸਤਾਨ ਦੇ ਅੰਦਰ ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। ਭਾਰਤ ਵੱਲੋਂ ਵੀਆਈਪੀ ਜੱਥੇ ਲਈ ਅਤਿਵਾਦੀ ਹਮਲੇ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਪਾਕਿਸਤਾਨ ਨੂੰ ਸਖ਼ਤ ਇੰਤਜ਼ਾਮ ਕਰਨ ਦੀ ਮੰਗ ਕੀਤੀ ਗਈ ਹੈ, ਨਾਲ ਹੀ ਖ਼ੁਫ਼ੀਆ ਜਾਣਕਾਰੀ ਵੀ ਪਾਕਿਸਤਾਨ ਨਾਲ ਸਾਂਝੀ ਕੀਤੀ ਗਈ ਹੈ।

About Jatin Kamboj