FEATURED NEWS News PUNJAB NEWS

ਮੌਤ ਦੀ ਸਜ਼ਾ ਦੇ ਖ਼ਿਲਾਫ਼ ਹਾਂ: ਕੈਪਟਨ

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੱਬਰ ਖ਼ਾਲਸਾ ਦੇ ਦਹਿਸ਼ਤਗਰਦ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫ਼ੈਸਲੇ ’ਤੇ ਆਪਣੀ ਹੀ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੋਂ ਵੱਖਰਾ ਸਟੈਂਡ ਲੈਂਦਿਆਂ ਅੱਜ ਕਿਹਾ ਕਿ ਉਹ ਫਾਂਸੀ ਦੀ ਸਜ਼ਾ ਦੇ ਖ਼ਿਲਾਫ਼ ਹਨ। ਉਂਜ, ਕੈਪਟਨ ਨੇ ਸਾਫ਼ ਕਰ ਦਿੱਤਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਬਾਰੇ ਕਾਂਗਰਸ ਦਾ ਸਟੈਂਡ ਹਮੇਸ਼ਾਂ ਤੋਂ ਸਪੱਸ਼ਟ ਰਿਹਾ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀ ਕਰਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਟਾਡਾ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 17 ਕੈਦੀਆਂ ਦੀ ਸੂਚੀ ਮੰਗੀ ਸੀ, ਜਿਸ ਵਿੱਚ ਰਾਜੋਆਣਾ ਦਾ ਨਾਂ ਵੀ ਸ਼ੁਮਾਰ ਸੀ। ਕੈਪਟਨ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਤਬਦੀਲੀ ਬਾਰੇ ਕੇਂਦਰ ਦੇ ਫ਼ੈਸਲੇ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਤਾਂ ਅਜੇ ਤਕ ਉਨ੍ਹਾਂ ਅੱਠ ਸਿੱਖ ਕੈਦੀਆਂ ਦੇ ਨਾਵਾਂ ਬਾਰੇ ਵੀ ਕੋਈ ਇਲਮ ਨਹੀਂ ਹੈ, ਜਿਨ੍ਹਾਂ ਦੀ ਸਜ਼ਾ ਮੁਆਫ਼ੀ ਦਾ ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ। ਮੁੱਖ ਮੰਤਰੀ ਇਥੇ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦੇ ਨਾਮਜ਼ਦਗੀ ਦਾਖ਼ਲ ਕਰਵਾਉਣ ਲਈ ਆਏ ਸਨ।
ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਉਹ ਨਿੱਜੀ ਤੌਰ ’ਤੇ ਫ਼ਾਂਸੀ ਦੀ ਸਜ਼ਾ ਦੇ ਖ਼ਿਲਾਫ਼ ਹਨ ਤੇ ਸਾਲ 2012 ਵਿੱਚ (ਰਾਜੋਆਣਾ ਦੀ ਫ਼ਾਂਸੀ ’ਤੇ ਰੋਕ ਲੱਗਣ ਮੌਕੇ) ਵੀ ਉਨ੍ਹਾਂ ਇਹੀ ਗੱਲ ਕਹੀ ਸੀ। ਉਨ੍ਹਾਂ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫ਼ੈਸਲੇ ਦੀ ਅਸਿੱਧੀ ਤਾਈਦ ਕਰਦਿਆਂ ਕਿਹਾ ਕਿ ਮੌਤ ਦੀ ਸਜ਼ਾਵਾਂ ਨਾਲ ਸਬੰਧਤ ਸਾਰੇ ਕੇਸ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ, ‘ਇਕ ਸਾਬਕਾ ਫ਼ੌਜੀ ਹੋਣ ਦੇ ਨਾਤੇ ਮੈਂ ਲੋਕਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਅਸੀਂ ਕਿਸੇ ਵੀ ਧਮਕੀ ਦੇ ਟਾਕਰੇ ਲਈ ਤਿਆਰ ਹਾਂ ਤੇ ਕਿਸੇ ਨੂੰ ਵੀ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ।’