Home » FEATURED NEWS » ਹੁਣ ਮਿਲ ਸਕਦੀ ਹੈ ਕਿਸਾਨ ਨੂੰ ਪਰਾਲੀ ਸਾੜਣ ਤੋਂ ਰਾਹਤ
pr

ਹੁਣ ਮਿਲ ਸਕਦੀ ਹੈ ਕਿਸਾਨ ਨੂੰ ਪਰਾਲੀ ਸਾੜਣ ਤੋਂ ਰਾਹਤ

ਚੰਡੀਗੜ੍ਹ : ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ 50 ਤੋਂ ਲੈ ਕੇ 80 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲ੍ਹਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ। ਖੇਤੀਬਾੜੀ ਵਿਭਾਗ ਦੇ ਸਕੱਤਰ ਕੇ.ਐਸ. ਪੰਨੂੰ ਨੇ ਦਸਿਆ ਕਿ ਸਬਸਿਡੀ ‘ਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤਕ ਲਗਪਗ 12000 ਅਰਜ਼ੀਆਂ ਹਾਸਲ ਹੋਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ ‘ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ‘ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ 2200 ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫ਼ੀਸਦੀ ਸਬਸਿਡੀ ‘ਤੇ 13000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।

About Jatin Kamboj