ਕਰਤਾਰਪੁਰ ਲਾਂਘਾ : ਮੋਦੀ 8 ਨੂੰ ਕਰਨਗੇ ਉਦਘਾਟਨ

ਕਰਤਾਰਪੁਰ ਲਾਂਘਾ : ਮੋਦੀ 8 ਨੂੰ ਕਰਨਗੇ ਉਦਘਾਟਨ

ਗੁਰੂਸਰ ਸੁਧਾਰ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਟੇਜ ’ਤੇ ਹੀ ਆਉਣਗੇ, ਨਾ ਕਿ ਕਿਸੇ ਹੋਰ ਸਟੇਜ ’ਤੇ। ਹਲਕਾ ਦਾਖਾ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁੱਜੀ ਬੀਬੀ ਬਾਦਲ ਨੇ ਪਿੰਡ ਲਤਾਲਾ ਵਿਚ ਮੀਡੀਆ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਵਿਚ ਦਖ਼ਲਅੰਦਾਜ਼ੀ ਛੱਡ ਆਪਣੇ ਫ਼ਰਜ਼ ਪੂਰੇ ਕਰੇ ਤੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਚ ਸਿੱਖ ਸੰਗਤਾਂ ਅਤੇ ਹੋਰ ਸ਼ਰਧਾਲੂਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਦੇਵੇ। ਉਨ੍ਹਾਂ ਨਾਲ ਹੀ ਕਿਹਾ ਕਿ 11 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 12 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਲਈ ਆਉਣਗੇ। ਉਹ ਵੀ ਕਮੇਟੀ ਦੀ ਸਟੇਜ ’ਤੇ ਹੀ ਜਾਣਗੇ ਨਾ ਕਿ ਕਿਸੇ ਹੋਰ ਪ੍ਰੋਗਰਾਮ ’ਚ। ਬੀਬੀ ਬਾਦਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਜਿੰਨੀਆਂ ਵੀ ਸ਼ਤਾਬਦੀਆਂ ਜਾਂ ਗੁਰਪੁਰਬ ਮਨਾਏ ਗਏ ਹਨ, ਉਨ੍ਹਾਂ ਦੇ ਪ੍ਰਬੰਧ ਹਮੇਸ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਕਰਦੀ ਰਹੀ ਹੈ ਅਤੇ ਇਸ ਵਾਰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਅਜਿਹਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਹੁਕਮਾਂ ਦੇ ਵਿਰੁੱਧ ਜਾ ਕੇ ਅਜਿਹਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਧਾਰਮਿਕ ਸਮਾਗਮਾਂ ਲਈ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਵੀ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਸੱਦਾ ਪੱਤਰ ਦਿੱਤਾ ਸੀ ਜੋ ਉਨ੍ਹਾਂ ਕਬੂਲ ਵੀ ਕੀਤਾ ਸੀ।

You must be logged in to post a comment Login