ਕਰਤਾਰਪੁਰ ਲਾਂਘੇ ਲਈ ਪ੍ਰਤੀ ਵਿਅਕਤੀ 20 ਡਾਲਰ ਸੇਵਾ ਫ਼ੀਸ ਲਵੇਗਾ ਪਾਕਿਸਤਾਨ

ਕਰਤਾਰਪੁਰ ਲਾਂਘੇ ਲਈ ਪ੍ਰਤੀ ਵਿਅਕਤੀ 20 ਡਾਲਰ ਸੇਵਾ ਫ਼ੀਸ ਲਵੇਗਾ ਪਾਕਿਸਤਾਨ

ਚੰਡੀਗੜ੍ਹ : ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਵੀ ਐਲਾਨ ਕੀਤਾ ਕਿ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਪ੍ਰਤੀ ਵਿਅਕਤੀ 20 ਡਾਲਰ ਸੇਵਾ ਫ਼ੀਸ ਲਵੇਗਾ। ਫ਼ੈਸਲ ਨੇ ਕਿਹਾ, ‘ਪਾਕਿਸਤਾਨ ਪ੍ਰਤੀ ਵਿਅਕਤੀ 20 ਡਾਲਰ ਸੇਵਾ ਫ਼ੀਸ ਵਜੋਂ ਲਵੇਗਾ, ਕਰਤਾਰਪੁਰ ਲਾਂਘੇ ਲਈ ਦਾਖ਼ਲਾ ਫ਼ੀਸ ਵਜੋਂ ਨਹੀਂ।’
ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ‘ਤੇ ਸਰਵਿਸ ਚਾਰਜ ਲਗਾਉਣ ਦੇ ਪ੍ਰਸਤਾਵ ਦੇ ਮਾਮਲੇ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਉਤੇ ਸਰਵਿਸ ਚਾਰਜ ਨਾ ਲਗਾਉਣ ਲਈ ਦਬਾਅ ਪਾਉਣ। ਕੈਪਟਨ ਨੇ ਕਰਤਾਰਪੁਰ ਲਾਂਘੇ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਣ ਜਾ ਰਿਹਾ ਹੈ ਜਿਸ ਨੂੰ ਇਸ ਸਾਲ ਨਵੰਬਰ ਮਹੀਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਇਸ ਮਾਮਲੇ ਦੇ ਜਲਦੀ ਹੱਲ ਲਈ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਹ ਮੁੱਦਾ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਲੋਂ ਸਰਵਿਸ ਚਾਰਜ ਲਗਾਉਣ ਲਈ ਪਾਏ ਜਾ ਰਹੇ ਜ਼ੋਰ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਵੱਡਾ ਵਿੱਤੀ ਬੋਝ ਪਵੇਗਾ ਜਦੋਂ ਕਿ ਵੱਡੀ ਗਿਣਤੀ ਵਿਚ ਸ਼ਰਧਾਲੂ ਇਹ ਵਿੱਤੀ ਬੋਝ ਚੱਲਣ ਦੀ ਸਮਰੱਥਾ ਨਹੀਂ ਰੱਖਦੇ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਉਹ ਕਈ ਮੌਕਿਆਂ ‘ਤੇ ਭਾਰਤ ਸਰਕਾਰ ਕੋਲ ਇਹ ਮੰਗ ਰੱਖ ਚੁੱਕੇ ਹਨ ਕਿ ਪਾਕਿਸਤਾਨ ਸਰਕਾਰ ਨੂੰ ਇਹ ਬੇਨਤੀ ਕੀਤੀ ਜਾਵੇ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਕੋਈ ਵੀਜ਼ਾ ਜਾਂ ਕੋਈ ਹੋਰ ਫੀਸ ਆਦਿ ਦੇਣ ਦੀ ਸ਼ਰਤ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਾਕਿਸਤਾਨ ਸਥਿਤ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵੱਲੋਂ ਲੰਬੇ ਸਮੇਂ ਤੋਂ ‘ਖੁੱਲ੍ਹੇ ਦਰਸ਼ਨ ਦੀਦਾਰ’ ਕਰਨ ਦੀ ਕੀਤੀ ਜਾ ਰਹੀ ਅਰਦਾਸ ਪੂਰੀ ਹੋਵੇਗੀ।

You must be logged in to post a comment Login