ਕਾਂਗਰਸੀਆਂ ਦੀ ਆਪਸੀ ਖਹਿਬਾਜ਼ੀ ਲਟਕਾਏਗੀ ‘ਪੰਜਾਬ ਕੈਬਨਿਟ’ ਦਾ ਵਿਸਥਾਰ

ਕਾਂਗਰਸੀਆਂ ਦੀ ਆਪਸੀ ਖਹਿਬਾਜ਼ੀ ਲਟਕਾਏਗੀ ‘ਪੰਜਾਬ ਕੈਬਨਿਟ’ ਦਾ ਵਿਸਥਾਰ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਵਿਵਾਦਾਂ ਕਾਰਨ ਪੰਜਾਬ ਕੈਬਨਿਟ ਦੇ ਵਿਸਥਾਰ ਵਿਚ ਦੇਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿੱਥੇ ਇਕ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੇ ਕਰੀਬੀ ਰਾਣਾ ਗੁਰਜੀਤ ਸਿੰਘ ਨੂੰ ਦੁਬਾਰਾ ਕੈਬਨਿਟ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਇਸ ਦੇ ਦੂਜੇ ਪਾਸੇ ਪੰਜਾਬ ਕਾਂਗਰਸ ਵਿਚਕਾਰ ਡੂੰਘਾ ਵਿਵਾਦ ਪੈਦਾ ਹੋ ਰਿਹਾ ਹੈ।ਖਬਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕੈਬਨਿਟ ਵਿਚ ਮੰਤਰੀ ਰਹੇ ਰਾਣਾ ਗੁਰਜੀਤ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਇਸ ਸਬੰਧੀ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਗੱਲਬਾਤ ਕੀਤੀ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਕੈਬਨਿਟ ‘ਚੋਂ ਬਾਹਰ ਜਾਣ ਵਾਲੇ ਰਾਣਾ ਗੁਰਜੀਤ ਸਿੰਘ ਬਾਰੇ ਸੋਨੀਆਂ ਗਾਂਧੀ ਨੇ ਜਾਂਚ ਰਿਪੋਰਟ ਮੰਗਵਾਈ ਹੈ।ਹਾਲਾਂਕਿ ਸੋਨੀਆ ਗਾਂਧੀ ਵੱਲੋਂ ਕੈਪਟਨ ਨੂੰ ਹਰੀ ਝੰਡੀ ਤਾਂ ਨਹੀਂ ਮਿਲੀ ਪਰ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਜੋ ਮੌਜੂਦਾ ਹਾਲਾਤ ਬਣੇ ਹੋਏ ਹਨ, ਉਹਨਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਬਨਿਟ ਵਿਸਥਾਰ ਦਾ ਰਿਸਕ ਨਹੀਂ ਲੈ ਸਕਦੇ। ਫਿਲਹਾਲ ਮੁੱਖ ਮੰਤਰੀ ਕੈਪਟਨ ਵੱਲੋਂ ਬਗਾਵਤੀ ਸੁਰਾਂ ਨੂੰ ਸ਼ਾਂਤ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਤੇ ਜੇਕਰ ਅਜਿਹੇ ਹਲਾਤਾਂ ਵਿਚ ਕੈਬਨਿਟ ਦਾ ਵਿਸਥਾਰ ਹੁੰਦਾ ਹੈ ਤਾਂ ਇਹ ਬਗਾਵਤ ਹੋਰ ਵਧ ਸਕਦੀ ਹੈ।

You must be logged in to post a comment Login