ਕੈਪਟਨ ਅਮਰਿੰਦਰ ਖੁਦ ਸੁਲਤਾਨਪੁਰ ਲੋਧੀ ਦਾ ਤੁਰੰਤ ਦੌਰਾ ਕਰਨ : ਗਿਆਨੀ ਗੁਰਬਚਨ ਸਿੰਘ

ਕੈਪਟਨ ਅਮਰਿੰਦਰ ਖੁਦ ਸੁਲਤਾਨਪੁਰ ਲੋਧੀ ਦਾ ਤੁਰੰਤ ਦੌਰਾ ਕਰਨ : ਗਿਆਨੀ ਗੁਰਬਚਨ ਸਿੰਘ

ਸੁਲਤਾਨਪੁਰ – ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ‘ਚ ਸਿੱਖ ਧਰਮ ਦੇ ਮੋਢੀ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 2019 ‘ਚ ਕੌਮਾਂਤਰੀ ਪੱਧਰ ‘ਤੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਨਿਰੀਖਣ ਕੀਤਾ। ਸਿੰਘ ਸਾਹਿਬ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨੇੜੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਜੰਗੀ ਪੱਧਰ ਅਤੇ ਨਿਰਮਾਣ ਅਧੀਨ ਕਾਰ ਪਾਰਕਿੰਗ ਅਤੇ ਬੇਬੇ ਨਾਨਕੀ ਨਿਵਾਸ ਅਤੇ ਪ੍ਰਬੰਧਕੀ ਕੰਪਲੈਕਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਮੁਹਰੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਚੱਲ ਰਹੀ ਨਵੇਂ ਕਮਰੇ ਅਤੇ ਕਾਰ ਪਾਰਕਿੰਗ ਦੀ ਸੇਵਾ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨਾਲ ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਅੰਤਰਿੰਗ ਕਮੇਟੀ ਸ਼੍ਰੋਮਣੀ ਕਮੇਟੀ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਸ਼ਿੰਗਾਰਾ ਸਿੰਘ ਲੋਹੀਆਂ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਰਿਟਾਇਰਡ ਐਡੀਸਨਲ ਐੱਸ. ਈ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ, ਜਥੇ. ਗੁਰਦਿਆਲ ਸਿੰਘ ਖਾਲਸਾ ਆਦਿ ਨੇ ਵੀ ਸ਼ਿਰਕਤ ਕੀਤੀ । ਇਸ ਸਮੇਂ ਜਥੇਦਾਰ ਗੁਰਬਚਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਹੀ ਵੱਡੇ ਭਾਗਾਂ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਗਲੇ ਸਾਲ ਆ ਰਿਹਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਤਰਨਤਾਰਨ ਸਾਹਿਬ ਵਾਲੇ, ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸ਼ਬੇਗ ਸਿੰਘ ਜੀ ਗੋਇੰਦਵਾਲ ਸਾਹਿਬ ਵਾਲੇ ਬਹੁਤ ਹੀ ਤੇਜੀ ਨਾਲ ਵੱਖ-ਵੱਖ ਸੇਵਾ ਕਰਵਾ ਰਹੇ ਹਨ ਅਤੇ ਵਾਤਾਵਰਣ ਪ੍ਰੇਮੀ ਬਾਬਾ ਸੀਚੇਵਾਲ ਵੀ ਸੰਗਤਾਂ ਦੇ ਸਹਿਯੋਗ ਨਾਲ ਤਿਆਰੀਆਂ ਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿਹਾ ਸੁਲਤਾਨਪੁਰ ਲੋਧੀ ਦਾ ਦੌਰਾ ਕਰਨ ਉਪਰੰਤ ਇਹ ਦੇਖ ਕੇ ਉਨ੍ਹਾਂ ਦੇ ਮੰਨ ਨੂੰ ਭਾਰੀ ਠੇਸ ਪਹੁੰਚੀ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੀ ਤਿਆਰੀ ਬਹੁਤ ਮੱਠੀ ਚੱਲ ਰਹੀ ਹੈ। ਜਿੱਥੇ ਸ਼੍ਰੋਮਣੀ ਕਮੇਟੀ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਮਿਲ ਕੇ ਤਿਆਰੀਆਂ ‘ਚ ਜੁਟੀ ਪਈ ਹੈ ਉਥੇ ਹੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਵੀ ਪਾਵਨ ਨਗਰੀ ਦੀ ਨੁਹਾਰ ਬਦਲਣ ਲਈ ਅਮਲੀ ਰੂਪ ‘ਚ ਤੇਜ਼ੀ ਨਾਲ ਕੰਮ ਸ਼ੁਰੂ ਕਰਨ ਦੀ ਲੋੜ ਹੈ।

You must be logged in to post a comment Login