ਗੁਰਦੁਆਰਾ ਨਨਕਾਣਾ ਸਾਹਿਬ ਸੁਰੱਖਿਅਤ -ਪਾਕਿ ਸਰਕਾਰ

ਗੁਰਦੁਆਰਾ ਨਨਕਾਣਾ ਸਾਹਿਬ ਸੁਰੱਖਿਅਤ -ਪਾਕਿ ਸਰਕਾਰ

ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਖਾਸ ਸਮੂਹ ਦੇ ਲੋਕਾਂ ਨੇ ਨੁਕਸਾਨ ਪਹੁੰਚਾਇਆ ਹੈ। ਗੁਰਦੁਆਰਾ ਜਨਮ ਸਥਾਨ ਦੇ ਨਾਮ ਨਾਲ ਮਸ਼ਹੂਰ ਗੁਰਦੁਆਰਾ ਨਨਕਾਣਾ ਸਾਹਿਬ ਸਿੱਖ ਧਰਮ ਦੇ ਲੋਕਾਂ ਲਈ ਬੇਹੱਦ ਪਵਿਤਰ ਥਾਂ ਹੈ ਕਿਉਂਕਿ ਇੱਥੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਰਾਤੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਰਾਜ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਕਿ ਉੱਥੇ ਦੋ ਮੁਸਲਮਾਨ ਸਮੂਹਾਂ ਦੇ ਵਿੱਚ ਕਿਸੇ ਛੋਟੀ ਘਟਨਾ ਨੂੰ ਲੈ ਕੇ ਝੜਪ ਹੋਈ ਸੀ ਜਿਸ ਵਿੱਚ ਤੁਰੰਤ ਕਾਰਵਾਈ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਿਲਕੁਲ ਸੁਰੱਖਿਅਤ ਹੈ ਅਤੇ ਇਸਨੂੰ ਕੋਈ ਨੁਕਸਾਨ ਨਹੀਂ ਪੁੱਜਿਆ।ਬਿਆਨ ਵਿੱਚ ਕਿਹਾ ਗਿਆ ਕਿ ਪਾਕਿਸਤਾਨ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਖਾਸ ਤੌਰ ‘ਤੇ ਸ਼ਰਧਾਲੂਆਂ ਨੂੰ ਸੁਰੱਖਿਆ ਉਪਲੱਬਧ ਕਰਾਉਣ ਲਈ ਬਚਨਬੱਧ ਹੈ। ਇੱਥੇ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿੱਚ, ਇੱਕਠੀ ਹੋਈ ਭੀੜ ਨੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਵਿੱਚ ਪੱਥਰਬਾਜੀ ਕੀਤੀ ਅਤੇ ਸਿੱਖਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਨਾਲ ਪਹਿਲੀ ਵਾਰ ਸ਼ਬਦ-ਕੀਰਤਨ ਰੱਦ ਹੋਇਆ। ਸ਼ੁੱਕਰਵਾਰ ਨੂੰ ਸੈਂਕੜੇ ਲੋਕਾਂ ਨੇ ਗੁਰਦੁਆਰੇ ਦਾ ਘਿਰਾਓ ਕੀਤਾ। ਦੱਸਿਆ ਜਾ ਰਿਹਾ ਹੈ ਕਿ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ।

You must be logged in to post a comment Login