ਜਾਂਚ ਵਿਚ ਸਹਿਯੋਗ ਦੇਵਾਂਗਾ ਪਰ ਟੀਮ ਅੱਗੇ ਪੇਸ਼ ਨਹੀਂ ਹੋਵਾਂਗਾ : ਗਿਆਨੀ ਗੁਰਬਚਨ ਸਿੰਘ

ਜਾਂਚ ਵਿਚ ਸਹਿਯੋਗ ਦੇਵਾਂਗਾ ਪਰ ਟੀਮ ਅੱਗੇ ਪੇਸ਼ ਨਹੀਂ ਹੋਵਾਂਗਾ : ਗਿਆਨੀ ਗੁਰਬਚਨ ਸਿੰਘ

ਤਰਨ ਤਾਰਨ : ਸੌਦਾ ਸਾਧ ਨੂੰ ਦਿਤੀ ਮਾਫ਼ੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਜਾਂਚ ਵਿਚ ਸ਼ਾਮਲ ਕੀਤੇ ਜਾਣ ਦੀਆਂ ਕਨਸੋਆਂ ਤੋਂ ਬਾਅਦ ਅੱਜ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਲੰਮੀ ਚੁੱਪ ਤੋੜਦਿਆਂ ਕਿਹਾ ਹੈ ਕਿ ਉਹ ਅੱਜ ਵੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਦੀ ਰਾਖੀ ਕਰਨ ਲਈ ਵਚਨਬੱਧ ਹਨ ਤੇ ਉਹ ਕਿਸੇ ਵੀ ਜਾਂਚ ਟੀਮ ਕੋਲ ਪੇਸ਼ ਨਹੀਂ ਹੋਣਗੇ। ਅੱਜ ਅਪਣੇ ਨਿਵਾਸ ਵਿਖੇ ਚੋਣਵੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਉਹ ਪੂਰਾ ਸਹਿਯੋਗ ਤਾਂ ਕਰਨਗੇ ਪਰ ਕਿਸੇ ਪੁਲਿਸ ਅਧਿਕਾਰੀ ਦੇ ਦਫ਼ਤਰ ਜਾ ਕੇ ਉਹ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇਣਗੇ। ਸਾਬਕਾ ਜਥੇਦਾਰ ਨੇ ਕਿਹਾ ਕਿ ਜੇਕਰ ਕਿਸੇ ਨੇ ਉਨ੍ਹਾਂ ਕੋਲੋਂ ਕਿਸੇ ਵੀ ਅਧਿਕਾਰੀ ਨੇ ਕੋਈ ਸਵਾਲ ਪੁਛਣਾ ਹੈ ਤਾਂ ਉਹ ਅਧਿਕਾਰੀ ਉਨ੍ਹਾਂ ਦੇ ਘਰ ਆ ਕੇ ਪੁਛ ਸਕਦਾ ਹੈ ਪਰ ਜਵਾਬ ਕੀ ਦੇਣਾ ਹੈ ਉਹ ਇਹ ਸਮਾਂ ਆਉਣ ‘ਤੇ ਦਸਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਹਨ ਤੇ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰਖਣਾ ਅੱਜ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਵਿਚ ਸ਼ਾਮਲ ਹੈ।

You must be logged in to post a comment Login