ਢੀਂਡਸਾ ਨੇ ਮੰਗਿਆ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ

ਢੀਂਡਸਾ ਨੇ ਮੰਗਿਆ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ

ਜਲੰਧਰ – ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣਾ ਬਚਾਅ ਕਰਦੇ ਹੋਏ ਕਾਂਗਰਸੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਤਾਂ ਉਥੇ ਹੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਉਭਾਰਨ ਲਈ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਇਕ ਇੰਟਰਵਿਊ ‘ਚ ਆਖਿਆ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ ਕਰਨਾ ਗ਼ਲਤ ਸੀ ਅਤੇ ਉਸ ਨੂੰ ਮੁਆਫ ਕਰਨ ਦਾ ਫੈਸਲਾ ਜਥੇਦਾਰਾਂ ਹੀ ਲਿਆ ਸੀ। ਉਨ੍ਹਾਂ ਦੱਸਿਆ ਕਿ ਮੁਆਫ ਕਰਨਾ ਗਲਤ ਸੀ ਤਾਂ ਹੀ ਇਸ ਫੈਸਲੇ ਨੂੰ ਵਾਪਸ ਲਿਆ ਗਿਆ ਸੀ। ਢੀਂਡਸਾ ਨੇ ਅੱਗੇ ਕਿਹਾ ਕਿ ਰਾਮ ਰਹੀਮ ਨੂੰ ਮੁਆਫ ਕਰਕੇ ਕੇ ਜਥੇਦਾਰਾਂ ਗ਼ਲਤੀ ਕੀਤੀ ਸੀ, ਇਸ ਲਈ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਢੀਂਡਸਾ ਨੇ ਗਿਆਨੀ ਗੁਰਬਚਨ ਸਿੰਘ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਆਖਿਆ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਕਈ ਵਾਰ ਚਰਚਾ ਵੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਬੋਲਣ ਵਾਲੇ ਗੁਰਮੁਖ ਸਿੰਘ ਦੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਵਜੋਂ ਵਾਪਸੀ ‘ਤੇ ਢੀਂਡਸਾ ਨੇ ਆਖਿਆ ਕਿ ਇਸ ‘ਤੇ ਪਾਰਟੀ ਦੇ ਅੰਦਰ ਤੇ ਬਾਹਰ ਕਈ ਇਤਰਾਜ਼ ਹਨ। ਢੀਂਡਸਾ ਨੇ ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣਾਉਣ ਲਈ ਡੇਰਾ ਸਿਰਸਾ ਮੁਖੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਦੀ ਫਿਲਮ MSG ਨੂੰ ਪੰਜਾਬ ‘ਚ ਰਿਲੀਜ਼ ਕਰਨ ਦੇ ਫੈਸਲੇ ਨੂੰ ਵੀ ਗਲਤ ਕਰਾਰ ਦਿੱਤਾ।

You must be logged in to post a comment Login