ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ ‘ਡੇਰਾ ਬਾਬਾ ਨਾਨਕ ਉਤਸਵ’

ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ ‘ਡੇਰਾ ਬਾਬਾ ਨਾਨਕ ਉਤਸਵ’

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ ਕੀਤਾ ਕਿ ਸਮਾਗਮ ਵਾਲੀ ਥਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹੇ ਜਾ ਰਹੇ ਲਾਂਘੇ ਦੇ ਕੰਮ ਨੂੰ ਦੇਖਣ ਲਈ ਰੰਧਾਵਾ ਵਲੋਂ ਸਬੰਧਤ ਅਧਿਕਾਰੀਆਂ ਦੀ 9 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ ਸੱਦੀ ਗਈ ਹੈ। ਰੰਧਾਵਾ ਨੇ ਦਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਨਵੰਬਰ ਦੇ ਪਹਿਲੇ ਪੰਦਰਵਾੜੇ ‘ਡੇਰਾ ਬਾਬਾ ਨਾਨਕ ਉਤਸਵ’ ਹੋਵੇਗਾ। ਸਾਹਿਤ ਤੇ ਕਲਾ ਦੇ ਸੁਮੇਲ ਵਾਲੇ ਇਸ ਉਤਸਵ ਰਾਹੀਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਬਾਬਾ ਨਾਨਕ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ਤੋਂ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਸਮੁੱਚੀ ਨਾਨਕ ਨਾਮ ਲੇਵਾ ਲਈ ਇਸ ਸ਼ਤਾਬਦੀ ਸਮਾਗਮ ਦਾ ਵੱਡਾ ਤੋਹਫ਼ਾ ਜਿਸ ਲਈ ਇਸ ਇਤਿਹਾਸਕ ਪਲ ਨੂੰ ਹੋਰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪੁੱਜਣ ਕਾਰਨ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਇਆ ਜਾਵੇ।

You must be logged in to post a comment Login