ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫਾਂਸੀ

ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫਾਂਸੀ

ਨਵੀਂ ਦਿੱਲੀ : ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਉੱਤੇ ਸੁਣਵਾਈ ਪੂਰੀ ਹੋ ਚੁੱਕੀ ਹੈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ। ਅਦਾਲਤ ਨੇ ਨਿਰਭਯਾ ਕਾਂਡ ਵਿੱਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਲਤ ਦਿੱਲੀ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਨਿਰਭਯਾ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ‘ਮੌਤ ਦਾ ਵਾਰੰਟ’ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟਿਆਲਾ ਹਾਊਸ ਕੋਰਟ ਦੇ ਅੱਜ ਦੇ ਫ਼ੈਸਲੇ ਉੱਤੇ ਸਾਰੇ ਦੇਸ਼ ਦੀ ਨਜ਼ਰ ਹੈ। ਦਸੰਬਰ 2012 ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

You must be logged in to post a comment Login