ਪਰਾਲੀ ਸਾੜਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ

ਪਰਾਲੀ ਸਾੜਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ

ਚੰਡੀਗੜ੍ਹ : ਸੁਪਰੀਮ ਕੋਰਟ ਦੀ ਘੁਰਕੀ ਮਗਰੋਂ ਕੈਪਟਨ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਲਈ ਸਰਗਰਮੀ ਫੜ ਲਈ ਹੈ। ਸੁਪਰੀਮ ਕੋਰਟ ਨੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ‘ਬੇਹੱਦ ਗੰਭੀਰ’ ਹੋਣ ਦਾ ਨੋਟਿਸ ਲੈਂਦਿਆਂ ਲੰਘੇ ਦਿਨ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਦੀ ਖਿਚਾਈ ਕੀਤੀ ਸੀ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਉੱਚ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸੁਪਰੀਮ ਕੋਰਟ ਨੂੰ ਤੱਥ ਦੱਸ ਕੇ ਖਹਿੜਾ ਛੁਡਾਇਆ ਜਾ ਸਕੇ। ਸੀਨੀਅਰ ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਰਾਜ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਫੌਰੀ ਮਗਰੋਂ ਕਿਸਾਨਾਂ ਖਿਲਾਫ਼ ਵਿੱਢੀ ਕਾਰਵਾਈ ਤਹਿਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਵੀ ਸ਼ੁਰੂ ਕਰ ਦਿੱਤਾ ਸੀ। ਖ਼ਬਰ ਲਿਖੇ ਜਾਣ ਤਕ, ਸੂਤਰਾਂ ਮੁਤਾਬਕ 260 ਦੇ ਕਰੀਬ ਕਿਸਾਨਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀਆਂ ਵਧ ਵੀ ਸਕਦੀਆਂ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲੀਸ ਵੱਲੋਂ ਪਿਛਲੇ ਦਿਨਾਂ ਤੋਂ ਕੇਸ ਤਾਂ ਦਰਜ ਕੀਤੇ ਜਾ ਰਹੇ ਸਨ, ਪਰ ਪੁਲੀਸ ਨੇ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਸੀ ਕੀਤਾ। ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਦੀਵਾਲੀ ਅਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਦਕਾ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦਾ ਕੋਈ ਇਰਾਦਾ ਨਹੀਂ ਸੀ, ਪਰ ਸੁਪਰੀਮ ਕੋਰਟ ਦੀ ਘੁਰਕੀ ਮਗਰੋਂ ਪੰਜਾਬ ਸਰਕਾਰ ਦੀ ਹਾਲਤ ਕਸੂਤੀ ਬਣ ਗਈ ਹੈ। ਸਰਕਾਰ ਵੱਲੋਂ ਸਿਖਰਲੀ ਅਦਾਲਤ ਨੂੰ ਇਸ ਮਾਮਲੇ ’ਤੇ ਪ੍ਰਗਤੀ ਦਿਖਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਹਿਲੀ ਨਵੰਬਰ ਤੱਕ 202 ਕੇਸ ਦਰਜ ਕੀਤੇ ਗਏ ਸਨ, ਪਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਯਕਦਮ ਪੁਲੀਸ ਨੇ 100 ਦੇ ਕਰੀਬ ਕੇਸ ਦਰਜ ਕੀਤੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਅਵਿਆਂ ਮੁਤਾਬਕ ਰਾਜ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ 2923 ਕਿਸਾਨਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਵਿੱਚ ਕੇਸ ਦਰਜ ਕਰਨਾ, ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕਰਨਾ, ਸਬਸਿਡੀ ਰੋਕਣ ਲਈ ਨੋਟਿਸ ਦੇਣਾ ਆਦਿ ਸ਼ਾਮਲ ਹੈ। ਪੰਜਾਬ ਵਿੱਚ 29.20 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਪ੍ਰਸ਼ਾਸਨ ਤੇ ਪੁਲੀਸ ਵਿਭਾਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ 45 ਕੇਸ ਦਰਜ ਕਰਕੇ 22 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 34 ਚਲਾਨ ਵੀ ਜਾਰੀ ਕੀਤੇ ਗਏ ਹਨ। 13 ਕੰਬਾਈਨਾਂ ਨੂੰ ਸੁਪਰ ਐੱਸ.ਐੱਮ.ਐੱਸ. ਨਾਲ ਲਗਾਉਣ ਕਾਰਨ ਪ੍ਰਤੀ ਕੰਬਾਈਨ 2 ਲੱਖ ਰੁਪਏ ਤਕ ਦੇ ਚਲਾਨ ਕੀਤੇ ਗਏ ਹਨ। ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਸ਼ਿਆਹੀ ਨਾਲ ਐਂਟਰੀ ਕੀਤੀ ਗਈ ਹੈ।

You must be logged in to post a comment Login