ਪ੍ਰਕਾਸ਼ ਪੁਰਬ ‘ਤੇ ਸਰਕਾਰ ਵਲੋਂ ਵੱਖਰਾ ਸਮਾਗਮ ਰੱਖਣਾ ਠੀਕ ਨਹੀਂ : ਲੌਂਗੋਵਾਲ

ਪ੍ਰਕਾਸ਼ ਪੁਰਬ ‘ਤੇ ਸਰਕਾਰ ਵਲੋਂ ਵੱਖਰਾ ਸਮਾਗਮ ਰੱਖਣਾ ਠੀਕ ਨਹੀਂ : ਲੌਂਗੋਵਾਲ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 23 ਨਵੰਬਰ ਨੂੰ ਆ ਰਹੇ 549ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਰੋਹ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਸਾਹਿਬ ਦਾ ਅਵਤਾਰ ਪੁਰਬ ਸਾਰੀਆਂ ਪਾਰਟੀਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਂਝੇ ਤੌਰ ‘ਤੇ ਨਿਰੋਲ ਧਾਰਮਿਕ ਸਮਾਗਮ ਕਰਵਾ ਕੇ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 22 ਤੇ 23 ਕਰਵਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮ ‘ਚ ਸ਼ਾਮਲ ਹੋਣ ਲਈ ਸੱਦਾ ਦੇ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਾਂਝੇ ਤੌਰ ‘ਤੇ ਇਕ ਸਮਾਗਮ ਕਰਵਾਉਣ ਨਾਲ ਪੂਰੀ ਦੁਨੀਆਂ ਵਿਚ ਸਰਵ ਸਾਂਝੀਵਾਲਤਾ ਦਾ ਸੰਦੇਸ਼ ਜਾਵੇਗਾ ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਤਰ੍ਹਾਂ ਗੁਰੂ ਘਰ ਤੋਂ ਵੱਖਰਾ ਸਮਾਗਮ ਕਰਵਾਉਣਾ ਠੀਕ ਨਹੀਂ ਹੈ। ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼ਤਾਬਦੀ ਸਮਾਗਮਾਂ ਲਈ ਸੱਦਾ ਦੇਣ ਲਈ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਮ. ਪੀ. ਤੇ ਹੋਰ ਆਗੂਆਂ ਦਾ ਵਫਦ ਜਾਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਉਹ ਸੁਲਤਾਨਪੁਰ ਲੋਧੀ ਵਿਚ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੇ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ।

You must be logged in to post a comment Login