ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ’

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ’

ਸ਼ਿਲੌਂਗ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇਕ ਉੱਚ ਪਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਇਹ ਵਫ਼ਦ ਇਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ ਕਿ ਵੀਰਵਾਰ ਨੂੰ ਸ਼ਿਲੌਂਗ ਦੇ ਮੁੱਖ ਮੰਤਰੀ ਕੋਂਰਾਡ ਸੰਗਮਾ ਨੂੰ ਮਿਲੇਗਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਵਿਵਾਦ ਨੂੰ ਦੁਵੱਲੀ ਗੱਲਬਾਰ ਰਾਹੀਂ ਨਿਪਟਾਰਾ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੂਰੀ ਤਰਾਂ ਇਸ ਮਾਮਲੇ ਨੂੰ ਹੱਲ ਕਰਨ ਦੇ ਹੱਕ ਵਿਚ ਹਨ ਅਤੇ ਉਹ ਨਿੱਜੀ ਤੌਰ ‘ਤੇ ਮੇਘਾਲਿਆ ਦੇ ਹਮਰੁਤਬਾ ਨਾਲ ਸੰਪਰਕ ਵਿਚ ਹਨ ਅਤੇ ਉਹ ਲਗਾਤਾਰ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਤਨਾਅ ਘਟਾਉਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਕੋਂਰਾਡ ਸੰਗਮਾ ਦੀ ਪ੍ਰਸ਼ੰਸਾ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਸ਼ਿਲੌਂਗ ਦੇ ਸਿੱਖਾਂ ਨੂੰ ਧਮਕੀਆਂ ਦੇਣ ਦੀਆਂ ਮੀਡੀਆ ਰਿਪੋਰਟਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਨ੍ਹਾਂ ਨੇ ਸੰਗਮਾ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਸਾਰੇ ਪਰਿਵਾਰਾਂ ਦੀ ਪੁਖਤਾ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਸਥਾਨਕ ਸਿੱਖਾਂ ਨੇ ਵਫ਼ਦ ਨੂੰ ਦੱਸਿਆ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਉਸ ਖੇਤਰ ਵਿੱਚੋਂ ਉਠਾਉਣਾ ਚਾਹੁੰਦਾ ਹੈ ਜਿੱਥੇ ਉਹ ਵਸੇ ਹੋਏ ਹਨ। ਵਫ਼ਦ ਨੇ ਦੱਸਿਆ ਕਿ ਉਹ ਇੱਥੇ ਇਸ ਸਮੱਸਿਆ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਆਏ ਹੋਏ ਹਨ। ਉਹ ਇਸ ਮਾਮਲੇ ਨੂੰ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਵਿਚਾਰਨਗੇ। ਵਫ਼ਦ ਨੇ ਮਹਿਸੂਸ ਕੀਤਾ ਹੈ ਕਿ ਸਥਾਨਕ ਸਿੱਖਾਂ ਨੇ ਸੂਬੇ ਲਈ ਵੱਡਾ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇੱਥੇ ਹੀ ਵਸੇ ਰਹਿਣ ਦੇਣਾ ਚਾਹੀਦਾ ਹੈ। ਵਫ਼ਦ ਨੇ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਉਨ੍ਹਾਂ ਨੂੰ ਇਸ ਥਾਂ ਦੇ ਪਟੇ ਦੇ ਸਥਿਤੀ ਬਾਰੇ ਜਾਣੂ ਕਰਾਇਆ। ਉਸ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ। ਗੁਰਜੀਤ ਸਿੰਘ ਨੇ ਵਫ਼ਦ ਨੂੰ ਦੱਸਿਆ ਕਿ ਗੁਰਦੁਆਰਾ ਮੈਨੇਜਮੈਂਟ ਨੇ ਹਾਈ ਕੋਰਟ ਵਿਚ ਇਕ ਮਾਣਹਾਨੀ ਦੀ ਪਟੀਸ਼ਨ ਕੀਤੀ ਹੈ। ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਗਏ ਵਫ਼ਦ ਵਿਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਮੈਂਬਰ ਵਜੋਂ ਕੁਲਦੀਪ ਸਿੰਘ ਵੈਦ ਸ਼ਾਮਲ ਹਨ। ਵਿਸ਼ੇਸ਼ ਸਕੱਤਰ ਯੋਜਨਾਬੰਦੀ ਬੀ.ਐਸ. ਮਾਂਗਟ ਵੀ ਵਫ਼ਦ ਨਾਲ ਗਏ ਹਨ।

You must be logged in to post a comment Login