ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ 1040 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਪੰਜਾਬ ‘ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1040 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੌਂਪਿਆ।
ਇਹ ਜਾਣਕਾਰੀ ਦਿੰਦਿਆਂ ਧਰਮਸੋਤ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਵਿਚ ਜੰਗਲਾਂ ਹੇਠ ਰਕਬਾ ਵਧਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ ਸਰਕਾਰ ਵੱਲ ਕੈਂਪਾਂ ਸਕੀਮ ਦੇ ਬਕਾਇਆ ਪਏ 1040 ਕਰੋੜ ਜਾਰੀ ਕਰਨ ਦੀ ਮੰਗ ਵੀ ਕੀਤੀ। ਧਰਮਸੋਤ ਨੇ ਕੇਂਦਰੀ ਮੰਤਰੀ ਦਾ ਧਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਵਲੋਂ ਕੇਂਦਰ ਸਰਕਾਰ ਨੂੰ ਲਿਖੇ ਡੀ.ਓ. ਪੱਤਰ ਵੀ ਦਿਵਾਇਆ, ਜਿਸ ‘ਚ ਪਨਕੈਂਪਾਂ ਸਕੀਮ ਤਹਿਤ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਇਸ ਮੰਗ ‘ਤੇ ਤੁਰੰਤ ਕਾਰਵਾਈ ਕਰਦਿਆਂ ਇਹ ਰਾਸ਼ੀ ਜਾਰੀ ਕਰਵਾ ਦਿੱਤੀ। ਜੰਗਲਾਤ ਮੰਤਰੀ ਨੇ ਦਸਿਆ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਸੂਬੇ ਭਰ ‘ਚੋਂ ਕਿਸੇ ਵਿਸ਼ੇਸ਼ ਮਕਸਦ ਲਈ ਕੱਟੇ ਗਏ ਜੰਗਲਾਂ ਨੂੰ ਨਵੀਂ ਪਲਾਂਟੇਸ਼ਨ ਕਰ ਕੇ ਮੁੜ ਹਰਿਆ-ਭਰਿਆ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੂਬੇ ਦੇ ਮੌਜੂਦਾ ਜੰਗਲਾਤ ਖੇਤਰ ‘ਚ 3 ਤੋਂ 5 ਫ਼ੀ ਸਦੀ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗਲਾਂ ਥੱਲੇ ਰਕਬਾ ਵਧਾਉਣ ਲਈ ਆਪਣੇ ਯਤਨਾਂ ‘ਚ ਹੋਰ ਤੇਜ਼ੀ ਲਿਆਵੇਗੀ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਡਾ. ਰੋਸ਼ਨ ਸ਼ੁੰਕਾਰੀਆ, ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ ਅਤੇ ਸੂਬੇ ਦੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

You must be logged in to post a comment Login