ਬਿਜਲੀ ਦੀ ਲੁੱਟ ਬਾਰੇ ਕੈਪਟਨ-ਬਾਦਲਾਂ ਦੀ ਲੋਕਾਂ ’ਚ ਖੋਲਾਂਗੇ ਪੋਲ : ਅਮਨ ਅਰੋੜਾ

ਬਿਜਲੀ ਦੀ ਲੁੱਟ ਬਾਰੇ ਕੈਪਟਨ-ਬਾਦਲਾਂ ਦੀ ਲੋਕਾਂ ’ਚ ਖੋਲਾਂਗੇ ਪੋਲ : ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨਿਚਰਵਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ ’ਤੇ ਸਰਕਾਰ ਵਿਰੁਧ ਬਿਜਲੀ ਅੰਦੋਲਨ ਸ਼ੁਰੂ ਕਰਨ ਦੀ ਰੂਪ-ਰੇਖਾ ਉਲੀਕੀ ਜਿਸ ਦੀ ਜ਼ਿਲ੍ਹਾ ਪੱਧਰ ’ਤੇ ਸੋਮਵਾਰ ਤੋਂ ਸ਼ੁਰੂਆਤ ਕੀਤੀ ਜਾਵੇਗੀ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਅਤੇ ਮੀਤ ਹੇਅਰ (ਸਾਰੇ ਵਿਧਾਇਕ) ਦੀ ਅਗਵਾਈ ਹੇਠ ਹੋਈ ਸੂਬਾ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਸੰਕਟ ’ਤੇ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਉਠਾਈ। ਇਸ ਦੇ ਨਾਲ ਹੀ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਵਲੋਂ ਦਿੱਲੀ ’ਚ ਭਗਤ ਸ੍ਰੀ ਰਵੀਦਾਸ ਜੀ ਨਾਲ ਸਬੰਧਿਤ ਪੁਰਾਤਨ ਮੰਦਰ ਢਾਹੇ ਜਾਣ ਸੰਬੰਧੀ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਇਸ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੈਮੋਰੰਡਮ ਦੇਣ ਦਾ ਫ਼ੈਸਲਾ ਵੀ ਲਿਆ ਗਿਆ, ਕਿਉਂਕਿ ਇਸ ਸੰਵੇਦਨਸ਼ੀਲ ਮੁੱਦੇ ਨਾਲ ਕਰੋੜਾਂ ਲੋਕਾਂ ਦੀ ਆਸਥਾ ਅਤੇ ਦੇਸ਼ ਭਰ ‘ਚ ਕਾਨੂੰਨ ਵਿਵਸਥਾ ਵੀ ਜੁੜੀ ਹੋਈ ਹੈ। ਕਈ ਘੰਟੇ ਚੱਲੀ ਇਸ ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਉਪਰੋਕਤ ਜਾਣਕਾਰੀ ਦਿਤੀ। ਉਨ੍ਹਾਂ ਪਾਣੀ ਦੇ ਸੰਕਟ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਦਾ ਸਵਾਗਤ ਕਰਦੇ ਹੋਏ ਇਸ ਨੂੰ ਦੇਰ ਨਾਲ ਲਿਆ ਗਿਆ ਦਰੁਸਤ ਫ਼ੈਸਲਾ ਦੱਸਿਆ। ਨਾਲ ਹੀ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਜ਼ਰੂਰੀ ਹੈ ਤਾਂ ਕਿ ਸਰਕਾਰ ਸਦਨ ’ਚ ਪਾਣੀਆਂ ਬਾਰੇ ਸੁਣਵਾਈ ਅਧੀਨ ਕੇਸਾਂ, ਸਾਰੇ ਪੁਰਾਣੇ ਸਮਝੌਤਿਆਂ, ਦਰਿਆਵਾਂ ’ਚ ਘੱਟ ਰਹੀ ਪਾਣੀ ਦੀ ਮਾਤਰਾ, ਪ੍ਰਦੂਸ਼ਿਤ ਹੋ ਰਹੇ ਕੁਦਰਤੀ ਜਲ ਸਰੋਤਾਂ ਅਤੇ ਤੇਜ਼ੀ ਨਾਲ ਹੇਠਾਂ ਡਿੱਗ ਰਹੇ ਪੱਧਰ ਸਮੇਤ ਹਰੇਕ ਪੱਖ ’ਤੇ ਸਾਰਥਿਕ ਵਿਚਾਰ-ਚਰਚਾ ਹੋ ਸਕੇ। ਉਨ੍ਹਾਂ ਦੱਸਿਆਂ ਕਿ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮਾਹਿਰਾਂ ਨਾਲ ਮਿਲ ਕੇ ਇੱਕ ਰਿਪੋਰਟ ਤਿਆਰ ਕਰਨਗੇ। ਬਿਜਲੀ ਅੰਦੋਲਨ ਸੰਬੰਧੀ ਵਿਸਤਾਰ ‘ਚ ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਵੇਚਣ ਵਾਲਿਆਂ ਸੂਬਿਆਂ ਵਿਚ ਸ਼ੁਮਾਰ ਹੈ। ਜਿਸ ਦੀ ਜੜ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ 3 ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਮਹਿੰਗੇ ਅਤੇ ਮਾਰੂ ਸ਼ਰਤਾਂ ਤਹਿਤ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ।

You must be logged in to post a comment Login