ਭਾਜਪਾ ਤੇ ਬਾਦਲਾਂ ਦੇ ਦਬਾਅ ‘ਚ ਬੇਅਦਬੀ ਮਾਮਲੇ ਦੀ ਫਾਇਲ ਹੋਈ ਬੰਦ: ਖਹਿਰਾ

ਭਾਜਪਾ ਤੇ ਬਾਦਲਾਂ ਦੇ ਦਬਾਅ ‘ਚ ਬੇਅਦਬੀ ਮਾਮਲੇ ਦੀ ਫਾਇਲ ਹੋਈ ਬੰਦ: ਖਹਿਰਾ

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਿਆ ਕਿ ਮੋਹਾਲੀ ਸੀਬੀਆਈ ਕੋਰਟ ਵਿਚ 2 ਡੇਰਾ ਪ੍ਰੇਮੀਆਂ ਵਿਰੁੱਧ ਦਰਜ ਕੀਤੇ ਗਏ ਬੇਅਦਬੀ ਮਾਮਲਿਆਂ ਵਿਚ ਸੀਬੀਆਈ ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਖਹਿਰਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਸਾਲ ਦੇ ਅੰਤ ਵਿਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਡੇਰਾ ਪ੍ਰੇਮੀਆਂ ਦੀ ਹਮਾਇਤ ਲੈਣ ਦੇ ਮੱਦੇਨਜ਼ਰ ਭਾਜਪਾ ਡੇਰਾ ਆਗੂਆਂ ਨੂੰ ਖੁਸ਼ ਕਰਨ ਲਈ ਪੂਰੀ ਵਾਹ ਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਡੀਆਈਜੀ ਰਣਜੀਤ ਸਿੰਘ ਖੱਟੜਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੇਅਦਬੀ ਮਾਮਲਿਆਂ ਵਿਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਪਾਈ ਸੀ ਪਰ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੋਸ਼ੀਆਂ ਨੂੰ ਬਚਾਉਣ ਖਾਤਰ 2 ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਬਾਦਲ ਜਾਣਦੇ ਸਨ ਕਿ ਪਾਰਟੀ ਸੱਤਾ ਵਿਚ ਨਹੀਂ ਆਵੇਗੀ ਅਤੇ ਵਿਧਾਨ ਸਭਾ ਚੋਣਾਂ ਦੇ ਨੇੜੇ ਜਾ ਕੇ ਇਹ ਫ਼ੈਸਲਾ ਲਿਆ। ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਮਹਿੰਦਰ ਸਿੰਘ ਬਿੱਟੂ ਦਾ ਨਾਭਾ ਜੇਲ ਵਿਚ ਕਤਲ ਅਤੇ ਬਾਕੀ 5 ਦੋਸ਼ੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣਾ ਇਕ ਸਿਆਸੀ ਸਾਜਿਸ਼ ਦਾ ਨਤੀਜਾ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਬਿੱਟੂ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਦੀ ਸ਼ਮੂਲੀਅਤ ਦਾ ਸਬੂਤ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਵਿਚ ਅਕਾਲੀ ਆਗੂਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਐਸਆਈਟੀ ਵੀ ਅਪਣੇ ਰਸਤੇ ਤੋਂ ਭਟਕ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਗੁੰਮਰਾਹ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਕੋਲੋਂ ਵਾਪਿਸ ਲੈਣ ਲਈ ਮਤਾ ਪਾਸ ਕੀਤਾ ਸੀ।

You must be logged in to post a comment Login