ਮਨਪ੍ਰੀਤ ਬਾਦਲ ਵਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਮਨਪ੍ਰੀਤ ਬਾਦਲ ਵਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’। ਉਨ੍ਹਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ, ਪਰ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ, “ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਐਨਾਂ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।”

You must be logged in to post a comment Login