ਮੁਅੱਤਲ ਡੀਐੱਸਪੀ ਨੇ ਖੁਰਾਕ ਮੰਤਰੀ ’ਤੇ ਲਾਏ ਗੰਭੀਰ ਦੋਸ਼

ਮੁਅੱਤਲ ਡੀਐੱਸਪੀ ਨੇ ਖੁਰਾਕ ਮੰਤਰੀ ’ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ’ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਦੋਸ਼ ਲਗਾਏ ਕਿ ਸਾਲ 1992 ਵਿੱਚ ਕਈ ਗੈਰ- ਸਮਾਜਿਕ ਗਤੀਵਿਧੀਆਂ ’ਚ ਸ਼ਾਮਲ ਹੋਣ ਕਰ ਕੇ ਸ੍ਰੀ ਆਸ਼ੂ ਖ਼ਿਲਾਫ਼ ਟਾਡਾ ਐਕਟ ਤਹਿਤ ਕੇਸ ਦਰਜ ਹੋਏ ਸਨ ਪਰ ਉਸ ਵੇਲੇ ਦੇ ਕਥਿਤ ਭ੍ਰਿਸ਼ਟ ਪੁਲੀਸ ਅਫ਼ਸਰਾਂ ਦੀ ਮਿਲੀਭੁਗਤ ਨਾਲ ਉਹ ਅਦਾਲਤ ਵਿੱਚੋਂ ਬਰੀ ਹੋ ਗਏ ਸਨ। ਡੀਐੱਸਪੀ ਸੇਖੋਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪੁਲੀਸ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਇਨ੍ਹਾਂ ਕੇਸਾਂ ਦੀ ਮੁੜ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਵਿੱਚ ਅਜਿਹੇ ਮੰਤਰੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਜ਼ਿਕਰਯੋਗ ਹੈ ਕਿ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ’ਚ ਘਿਰੇ ਹੋਏ ਹਨ ਜਿਸ ਕਰ ਕੇ ਪੁਲੀਸ ਵਿਭਾਗ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀਐੱਸਪੀ ਜਾਣ-ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਨਿਰਦੋਸ਼ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਕ ਦਾਗੀ ਪੁਲੀਸ ਅਧਿਕਾਰੀ ਵੱਲੋਂ ਉਨ੍ਹਾਂ ’ਤੇ ਲਗਾਏ ਗਏ ਦੋਸ਼ ਮਹਿਜ਼ ਝੂਠ ਦਾ ਪੁਲੰਦਾ ਹਨ ਅਤੇ ਡੀਐੱਸਪੀ ਦਾ ਇੱਕੋ-ਇੱਕ ਮੰਤਵ ਉਨ੍ਹਾਂ ਦੇ ਸਿਆਸੀ ਕਿਰਦਾਰ ’ਤੇ ਧੱਬਾ ਲਾਉਣਾ ਹੈ।

You must be logged in to post a comment Login