ਮੋਦੀ ਨੇ ਸਿੱਖ ਕਤਲੇਆਮ ਅਤੇ ਕਰਤਾਰਪੁਰ ਲਾਂਘੇ ਦੀ ਗੱਲ ਕਰ ਕੇ ਡਰਾਮਾ ਕੀਤਾ : ਮਾਨ

ਮੋਦੀ ਨੇ ਸਿੱਖ ਕਤਲੇਆਮ ਅਤੇ ਕਰਤਾਰਪੁਰ ਲਾਂਘੇ ਦੀ ਗੱਲ ਕਰ ਕੇ ਡਰਾਮਾ ਕੀਤਾ : ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋਈ ਰੈਲੀ ਮਹਿਜ਼ ਇਕ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਮੋਦੀ ਸੂਬੇ ਦੀ ਮਰ ਰਹੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕੋਈ ਖ਼ਾਸ ਤਰ੍ਹਾਂ ਦਾ ਪੈਕੇਜ ਐਲਾਨਣਗੇ ਪਰ ਮੋਦੀ ਸਿਰਫ਼ ਅਪਣੀ ਵਡਿਆਈ ਕਰ ਕੇ ਹੀ ਵਾਪਸ ਦਿੱਲੀ ਮੁੜ ਗਏ। ਮਾਨ ਨੇ ਕਿਹਾ ਕਿ ਬਾਦਲਾਂ ਵਾਂਗ ਮੋਦੀ ਵੀ ਧਰਮ ਦੀ ਰਾਜਨੀਤੀ ਦਾ ਸਹਾਰਾ ਲੈਂਦੇ ਹੋਏ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੋਈ ਸਜ਼ਾ ਦਾ ਸਿਹਰਾ ਅਪਣੇ ਸਿਰ ਬੰਨ੍ਹਣ ਉਤੇ ਹੀ ਜ਼ੋਰ ਲਾਉਂਦੇ ਰਹੇ। ਉਨ੍ਹਾਂ ਕਿਹਾ ਕਿ ਮੋਦੀ 1984 ਦੇ ਕਤਲੇਆਮ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲ ਕਰ ਕੇ ਲੋਕਾਂ ਦਾ ਧਿਆਨ ਅਪਣੇ ਵਲ ਖਿਚਣਾ ਚਾਹੁੰਦੇ ਸਨ ਪਰ ਪੰਜਾਬ ਦੇ ਕਰੋੜਾਂ ਲੋਕਾਂ ਬਾਰੇ ਇਕ ਵੀ ਗੱਲ ਕਰਨ ਤੋਂ ਗੁਰੇਜ਼ ਕਰਦੇ ਰਹੇ। ਮਾਨ ਨੇ ਕਿਹਾ ਕਿ ਮੋਦੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮਾਮਲੇ ਉਤੇ ਚੁੱਪੀ ਵੱਟ ਗਏ ਅਤੇ ਉਨ੍ਹਾਂ ਵਲੋਂ ਹਰ ਸਾਲ ਕਰੋੜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਇਕ ਵਾਰ ਫਿਰ ਜੁਮਲਾ ਹੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਸਟੇਜ ਤੋਂ ਕੀਤੀ ਗਈ ਸਿਆਸੀ ਦੂਸ਼ਣਬਾਜ਼ੀ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਹੋਇਆ ਬਲਕਿ ਚੰਗਾ ਹੁੰਦਾ ਜੇ ਉਹ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਦੇ। ਮੋਦੀ ਦੁਆਰਾ ਸੱਜਣ ਕੁਮਾਰ, ਟਾਈਟਲਰ ਅਤੇ ਕਮਲ ਨਾਥ ਨੂੰ ਬਚਾਉਣ ਲਈ ਕਾਂਗਰਸ ਦੀ ਕੀਤੀ ਆਲੋਚਨਾ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਸਮੇਂ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਹ ਕਿਉਂ ਇਨ੍ਹਾਂ ਲੋਕਾਂ ਵਿਰੁਧ ਕਾਰਵਾਈ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੋਦੀ ਹਮੇਸ਼ਾ ਦੋਗਲੀ ਗੱਲ ਕਰਨ ਵਿਚ ਹੀ ਵਿਸ਼ਵਾਸ ਰਖਦੇ ਹਨ। ਕਿਸਾਨ ਕਰਜ਼ੇ ਮੁਆਫ਼ੀ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਅਤੇ ਬੀ.ਜੇ.ਪੀ. ਇਕੋ ਥਾਲੀ ਦੇ ਚੱਟੇ-ਬਟੇ ਹਨ ਅਤੇ ਦੋਵੇਂ ਹੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਤੋਂ ਮੁੱਕਰ ਗਏ। ਕੰਡਿਆਲੀ ਤਾਰ ਦੇ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਮੁਸ਼ਕਲਾਂ ਵਲ ਧਿਆਨ ਦਿੰਦਿਆਂ ਉਨ੍ਹਾਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਸੀ।

You must be logged in to post a comment Login