ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਨਾ ਬਦਲਣਾ ‘ਮੰਦਭਾਗਾ’

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਨਾ ਬਦਲਣਾ ‘ਮੰਦਭਾਗਾ’

ਚੰਡੀਗੜ੍ਹ- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਨਾ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਮੰਦਭਾਗਾ’ ਦੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਇਹ ਸੱਚ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਸੀ ਕਿ ਬੱਬਰ ਖ਼ਾਲਸਾ ਕਾਰਕੁੰਨ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਨਹੀਂ ਕੀਤਾ ਗਿਆ ਹੈ।ਪਿਛਲੇ ਕੁਝ ਸਮੇਂ ਦੌਰਾਨ ਮੀਡੀਆ ’ਚ ਅਜਿਹੀਆਂ ਕੁਝ ਖ਼ਬਰਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਈਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ‘ਕਾਤਲ’ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸੁਆਲ ਕੀਤਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲ ਕਿਉਂ ਕੀਤੀ ਗਈ ਹੈ। ਤਦ ਅਮਿਤ ਸ਼ਾਹ ਨੇ ਰਵਨੀਤ ਸਿੰਘ ਬਿੱਟੂ ਸਮੇਤ ਸਮੁੱਚੇ ਸਦਨ ਨੂੰ ਹਿੰਦੀ ’ਚ ਜਵਾਬ ਦਿੱਤਾ ਕਿ ਮੀਡੀਆ ਰਿਪੋਰਟਾਂ ’ਤੇ ਯਕੀਨ ਨਾ ਕਰੋ। ਕੋਈ ਮਾਫ਼ੀ ਨਹੀਂ ਦਿੱਤੀ ਗਈ ਹੈ। ਪਿਛਲੇ ਮਹੀਨੇ ਦੀਆਂ ਮੀਡੀਆ ਰਿਪੋਰਟਾਂ ਵਿਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰ ਦਿੱਤੀ ਹੈ। 52 ਸਾਲਾ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦ ਹਨ ਤੇ ਬੇਅੰਤ ਸਿੰਘ ਕਤਲ ਕੇਸ ਵਿਚ ਉਹ ਮੁੱਖ ਦੋਸ਼ੀ ਹਨ। ਰਾਜੋਆਣਾ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਸਨ ਤੇ ਸੀਬੀਆਈ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਉਨ੍ਹਾਂ ਨੂੰ 1 ਅਗਸਤ, 2007 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

You must be logged in to post a comment Login