ਸ੍ਰੀ ਹਰਿਮੰਦਰ ਸਾਹਿਬ ਵਿਖੇ ਐਚ.ਐਸ. ਫੂਲਕਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ੍ਰੀ ਹਰਿਮੰਦਰ ਸਾਹਿਬ ਵਿਖੇ ਐਚ.ਐਸ. ਫੂਲਕਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ : ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਅੱਜ ਸ਼ੁਕਰਾਨਾ ਅਦਾ ਕਰਨ ਪਹੁੰਚੇ ਸਿੱਖ ਵਕੀਲ ਸ. ਐਚ.ਐਸ. ਫੂਲਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਐਚ.ਐਸ. ਫੂਲਕਾ ਨੂੰ ਸਿਰੋਪਾਓ ਪਾਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਨਿਆਂਪਾਲਿਕਾ ਨੇ ਪੀੜਤਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਫੂਲਕਾ ਨੇ 1984 ਦੇ ਪੀੜਤਾਂ ਦਾ ਕੇਸ ਲੜਨ ਲਈ ਵੱਡੀ ਭੂਮਿਕਾ ਨਿਭਾਈ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿੱਖ ਵਕੀਲ ਹੋਣ ਨਾਤੇ ਸ. ਐਚ.ਐਸ. ਫੂਲਕਾ ਦਾ ਸਨਮਾਨ ਕੀਤਾ ਹੈ। ਡਾ. ਰੂਪ ਸਿੰਘ ਨੇ ਮੰਗ ਕਰਦਿਆਂ ਕਿਹਾ ਕਿ ਇਕੱਲੇ ਸੱਜਣ ਕੁਮਾਰ ਦੀ ਸਜ਼ਾ ਹੀ ਕਾਫ਼ੀ ਨਹੀਂ ਹੈ, ਇਸ ਤੋਂ ਇਲਾਵਾ ਹੋਰਨਾਂ ਦੋਸ਼ੀਆਂ ਜਿਨ੍ਹਾਂ ਚ ਜਗਦੀਸ਼ ਟਾਈਟਲਰ, ਕਮਲਨਾਥ ਆਦਿ ਸ਼ਾਮਲ ਹਨ, ਨੂੰ ਵੀ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

You must be logged in to post a comment Login