ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤਕ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਮੁਸਾਰ ਵਿਕਸਤ ਕੀਤੇ ਜਾਣਗੇ। ਇਸ ਮੀਟਿੰਗ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਰਜੀਆ ਸੁਲਤਾਨਾ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਿੰਕੀ, ਦਰਸ਼ਨ ਲਾਲ, ਬਲਵਿੰਦਰ ਸਿੰਘ ਲਾਡੀ ਅਤੇ ਨੱਥੂ ਰਾਮ ਮੌਜੂਦ ਸਨ। ਮੀਟਿੰਗ ਉਪਰੰਤ ਵਿਚਾਰੇ ਗਏ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਦਿੰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਉਸੇ ਮਾਡਲ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿ ਸਰਕਾਰ ਵਲੋਂ ਤਾਂ ਇਹ ਯੋਜਨਾ ਚਲਾਈ ਹੀ ਜਾਵੇਗੀ, ਪਰ ਜੇ ਪ੍ਰਵਾਸੀ ਪੰਜਾਬੀ ਆਪਣੇ ਪਿੰਡਾਂ ਦੀ ਆਬੋ ਹਵਾ ਨੂੰ ਸੁਹਾਵਣਾ ਬਣਾਉਣ ਅਤੇ ਪਿੰਡਾਂ ਦੀ ਦਿੱਖ ਨੂੰ ਵਧੀਆ ਬਣਾਉਣ ਲਈ ਇਸ ਸਕੀਮ ਨਾਲ ਜੁੜਨਾ ਚਾਹੁੰਦੇ ਹੋਣ ਤਾਂ ਉਨ੍ਹਾਂ ਦਾ ਸਵਾਗਤ ਹੈ। ਪੰਚਾਇਤ ਮੰਤਰੀ ਨੇ ਦਸਿਆ ਕਿ ਗੁਰੱਪ ਮੈਂਬਰਾਂ ਵਲੋਂ ਦਿੱਤੇ ਸੁਝਾਅ ਅਨੁਸਾਰ ਕਿਸੇ ਵੀ ਦਿੱਤੀ ਗਈ ਗ੍ਰਾਂਟ ਦਾ ਮੰਤਵ ਬਦਲਣ ਦੇ ਅਧਿਕਾਰ ਜ਼ਿਲ੍ਹਾ ਪੱਧਰ ‘ਤੇ ਦੇਣ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਾਰੇ ਹੀ ਮੈਂਬਰਾਂ ਦਾ ਵਿਚਾਰ ਸੀ ਕਿ ਅਜਿਹਾ ਕਰਨ ਨਾਲ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਅਤੇ ਗ੍ਰਾਂਟ ਦਾ ਮੰਤਵ ਬਦਲਣ ਲਈ ਫਾਈਲ ਮੰਤਰੀ ਤੱਕ ਭੇਜਣ ਨਾਲ ਬੇਲੋੜੀ ਦੇਰੀ ਹੋ ਜਾਂਦੀ ਹੈ।

You must be logged in to post a comment Login