ਹੁਣ ਰੇਲ ਗੱਡੀਆਂ ‘ਚ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ

ਹੁਣ ਰੇਲ ਗੱਡੀਆਂ ‘ਚ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ

ਅੰਮ੍ਰਿਤਸਰ : ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ ‘ਚ ਯਾਤਰੀਆਂ ਨੂੰ ਦਿੱਤੀ ਜਾਂਦੀ ਚਾਹ ਦੀਆਂ ਕੇਤਲੀਆਂ ‘ਤੇ ਇਹ ਲੇਬਲ ਸਾਹਮਣੇ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਅਤੇ ਬੀ. ਐੱਸ. ਐੱਨ. ਐੱਲ. ਨਾਲ ਰਾਬਤਾ ਕਾਇਮ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਲੇਬਲ ਤੁਰੰਤ ਹਟਾਉਣ ਲਈ ਕਿਹਾ ਹੈ। ਇਸ ਸਬੰਧੀ ਦੋਵਾਂ ਵਿਭਾਗਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖੇ ਗਏ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਤਾਬਦੀ ਐਕਸਪ੍ਰੈੱਸ ਵਿਚ ਪਾਣੀ ਦੀਆਂ ਬੋਤਲਾਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਲੇਬਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਤੇ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਤੋਂ ਬਾਅਦ ਰੇਲਵੇ ਦੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਨੇ ਜਵਾਬੀ ਪੱਤਰ ਰਾਹੀਂ ਇਸ ਨੂੰ ਅਣਜਾਣੇ ‘ਚ ਹੋਈ ਭੁੱਲ ਦੱਸ ਕੇ ਤਸਵੀਰ ਵਾਲੇ ਲੇਬਲ ਵਾਪਸ ਲੈਣ ਦਾ ਦਾਅਵਾ ਕੀਤਾ ਗਿਆ ਸੀ ਪਰ ਹੁਣ ਇਕ ਵਾਰ ਫਿਰ ਇਹ ਲੇਬਲ ਚਾਹ ਦੀਆਂ ਕੇਤਲੀਆਂ ‘ਤੇ ਪਾਏ ਜਾਣ ਨਾਲ ਸਿੱਖਾਂ ਵਿਚ ਭਾਰੀ ਰੋਸ ਫੈਲਿਆ ਹੈ। ਰੇਲ ਸਫਰ ਵਾਲੇ ਕੁਝ ਲੋਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੇ ਲੇਬਲਾਂ ਸਮੇਤ ਕੇਤਲੀਆਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨੂੰ ਭੇਜੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਪਾਰਕ ਮਸ਼ਹੂਰੀ ਲਈ ਛਾਪਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਦੂਜੇ ਪਾਸੇ ਬੀ. ਐੱਸ. ਐੱਨ. ਐੱਲ. ਦੇ ਇਕ ਉੱਚ ਅਧਿਕਾਰੀ ਦੀਪਕ ਗਰਗ ਨੇ ਵੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਮਸ਼ਹੂਰੀ ‘ਤੇ ਰੋਕ ਲਾਉਣ ਦੀ ਗੱਲ ਆਖੀ ਹੈ ਅਤੇ ਭਵਿੱਖ ‘ਚ ਅਜਿਹਾ ਨਾ ਕਰਨ ਦਾ ਵੀ ਭਰੋਸਾ ਦਿੱਤਾ ਹੈ।

You must be logged in to post a comment Login