550 ਸਾਲਾ ਪ੍ਰਕਾਸ਼ ਪੁਰਬ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

550 ਸਾਲਾ ਪ੍ਰਕਾਸ਼ ਪੁਰਬ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਭਾਰੀ ਸ਼ਰਧਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ਬਦ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ 96ਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵਲੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਨੇੜੇ ਪੁਰਾਤਨ ਗੁਰਦੁਆਰਾ ਸਾਹਿਬ ਦੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਹੇ। ਉਨ੍ਹਾਂ ਕਿਹਾ ਕਿ ਪੂਰੀ ਮਨੁੱਖਤਾ ਦੇ ਰਹਿਬਰ ਸਤਿਗੁਰੂ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਮੁਤਾਬਕ ਸਾਨੂੰ ਸੱਭ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਜਿਸ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਦਾ ਸੰਦੇਸ਼ ਪੂਰੀ ਮਨੁੱਖਤਾ ਵਿਚ ਚੰਗਾ ਜਾਵੇ। ਉਨ੍ਹਾਂ ਦਸਿਆ ਕਿ ਸ਼ਤਾਬਦੀ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਬਾਬਾ ਬੁੱਢਾ ਦਲ ਪੰਜਵਾਂ ਤਖ਼ਤ ਸੁਲਤਾਨਪੁਰ ਲੋਧੀ ਦੇ ਦਰਬਾਰ ਸਾਹਿਬ ਦਾ ਨਵੀਨੀਕਰਨ ਕਰ ਕੇ ਵਿਸਥਾਰ ਕੀਤਾ ਜਾ ਰਿਹਾ ਹੈ। ਇਥੇ ਚਾਰਦੀਵਾਰੀ ਕਰ ਕੇ ਤੇ ਰਿਹਾਇਸ਼ੀ ਸਰਾਂ ਬਣਾਈ ਜਾ ਰਹੀ ਹੈ ਤੇ ਚਾਰ ਸੁੰਦਰ ਗੇਟ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਲੰਗਰ ਹਾਲ ਦਾ ਨਿਰਮਾਣ ਕਾਰਜ ਚਲ ਰਿਹਾ ਹੈ ਤੇ ਨਿਹੰਗ ਸਿੰਘਾਂ ਦੇ ਘੋੜਿਆਂ ਦੀ ਸਾਂਭ ਸੰਭਾਲ ਲਈ ਤਬੇਲਾ ਵੀ ਬਣਾਇਆ ਜਾ ਰਿਹਾ ਹੈ। ਬਾਬਾ ਬਲਬੀਰ ਸਿੰਘ ਨੇ ਦਸਿਆ ਕਿ ਇਸ ਅਸਥਾਨ ‘ਤੇ ਮੌਜੂਦ ਪੁਰਾਤਨ ਖੂਹ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਸਰਵਨ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਭਾਈ ਲੱਖਾ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਨਿਰਵੈਰ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਜਸਬੀਰ ਸਿੰਘ ਸੇਵਾਦਾਰ, ਦਲੇਰ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।

You must be logged in to post a comment Login