ਚੰਡੀਗੜ੍ਹ, 8 ਜੂਨ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਰੇ ਅਕਾਲੀ ਧੜਿਆਂ ਨੂੰ ਆਪਣੀ ‘ਹਊਮੈ’ ਤੇ ਵੱਖਰੇਵੇਂ ਪਾਸੇ ਰੱਖ ਕੇ ਇਕਜੁੁੱਟ ਹੋਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਮਜ਼ਬੂਤ ਪੰਥਕ ਪਾਰਟੀ ਦੀ ਲੋੜ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਨੂੰ ਵੀ ਹੈ। ਜਾਖੜ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ‘ਸੱਚੀ ਸ਼ਰਧਾਂਜਲੀ’ ਹੋਵੇਗੀ। ਢੀਂਡਸਾ, ਜੋ ਪਿਛਲੇ ਕੁਝ ਸਮੇਂ ਤੋਂ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ, ਦੀ 28 ਮਈ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ। ਉਹ 89 ਸਾਲਾਂ ਦੇ ਸਨ। ਜਾਖੜ ਅੱਜ ਇਥੇ ਸੰਗਰੂਰ ਜ਼ਿਲ੍ਹੇ ਵਿਚ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਬੋਲ ਰਹੇ ਸਨ। ਇਸ ਮੌਕੇ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂ ਪਾਰਟੀ ਸਫ਼ਾਂ ਤੋਂ ੳੋੁਪਰ ਉਠ ਕੇ ਅਕਾਲੀ ਆਗੂ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਇਨ੍ਹਾਂ ਵਿਚ ਜਾਖੜ ਤੋਂ ਇਲਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਅਸੈਂਬਲੀ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਅਸੈਂਬਲੀ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀਦ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login