ਅੰਮ੍ਰਿਤਸਰ, 16 ਫਰਵਰੀ- ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ ਪਰਵਾਸੀਆਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਦੀ ਮੁਹਿੰਮ ਤਹਿਤ ਬੀਤੀ ਰਾਤ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇ ਲਗਪਗ 116 ਪਰਵਾਸੀ ਭਾਰਤੀਆਂ ਨੂੰ ਮੁੜ ਹੱਥਕੜੀਆਂ ਲਾ ਕੇ ਅਤੇ ਸਿੱਖ ਵਿਅਕਤੀਆਂ ਨੂੰ ਦਸਤਾਰਾਂ ਉਤਰਵਾ ਕੇ ਅਮਰੀਕੀ ਜਹਾਜ਼ ਵਿੱਚ ਲਿਆਂਦਾ ਗਿਆ। ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜਣ ਉਪਰੰਤ ਜਦੋਂ ਇਨ੍ਹਾਂ ਵਿਅਕਤੀਆਂ ਦੀ ਇਮੀਗ੍ਰੇਸ਼ਨ ਅਤੇ ਹੋਰ ਦਸਤਾਵੇਜ਼ ਸਬੰਧੀ ਜਾਂਚ ਚੱਲ ਰਹੀ ਸੀ ਤਾਂ ਇਨ੍ਹਾਂ ਵਿੱਚੋਂ ਕਈ ਵਿਅਕਤੀਆਂ ਨੂੰ ਹਵਾਈ ਅੱਡੇ ਦੇ ਅੰਦਰ ਨੰਗੇ ਸਿਰ ਦੇਖਿਆ ਗਿਆ। ਇਨ੍ਹਾਂ ਨੂੰ ਹਵਾਈ ਅੱਡੇ ਦੇ ਅੰਦਰ ਫਰਸ਼ ’ਤੇ ਇੱਕ ਥਾਂ ਬਿਠਾਇਆ ਹੋਇਆ ਸੀ ਅਤੇ ਪੁੱਛਗਿੱਛ ਕੀਤੀ ਜਾ ਰਹੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ਨੇ ਜਦੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਵੇਲੇ ਇਨ੍ਹਾਂ ਗੱਲਾਂ ਦਾ ਖੁਲਾਸਾ ਹੋਇਆ। ਅਮਰੀਕਾ ਤੋਂ ਪਰਤੇ ਇਨ੍ਹਾਂ ਭਾਰਤੀਆਂ ਨੇ ਜਾਣਕਾਰੀ ਦਿੱਤੀ ਕਿ ਅਮਰੀਕੀ ਜਹਾਜ਼ ਵਿੱਚ ਉਨ੍ਹਾਂ ਨੂੰ ਹੱਥਕੜੀਆਂ ਲਾ ਕੇ ਲਿਆਂਦਾ ਗਿਆ ਹੈ। ਇੱਥੇ ਪੁੱਜਣ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਹੱਥ ਪੈਰ ਖੋਲ੍ਹ ਦਿੱਤੇ ਗਏ ਸਨ ਪਰ ਸਿਰ ਢਕਣ ਲਈ ਕੋਈ ਪਟਕਾ ਜਾਂ ਪਰਨਾ ਨਹੀਂ ਦਿੱਤਾ ਗਿਆ। ਉਨ੍ਹਾਂ ਨੂੰ ਪਰਨਾ ਜਾਂ ਪਟਕਾ ਇੱਥੇ ਹਵਾਈ ਅੱਡੇ ’ਤੇ ਪੁੱਜਣ ਮਗਰੋਂ ਹੀ ਉਪਲਬਧ ਕਰਵਾਇਆ ਗਿਆ ਹੈ।
ਵਾਪਸ ਪਰਤੇ ਇਨ੍ਹਾਂ ਵਿਅਕਤੀਆਂ ਵਿੱਚੋਂ ਕਈਆਂ ਨੇ ਖੁਲਾਸਾ ਕੀਤਾ ਹੈ ਕਿ ਉਹ ਡੰਕੀ ਰੂਟ ਰਾਹੀਂ ਜਦੋਂ ਅਮਰੀਕਾ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਕਈ ਦਿਨ ਕੈਂਪ ਵਿੱਚ ਰੱਖਿਆ ਗਿਆ, ਜਿੱਥੇ ਉਨ੍ਹਾਂ ਦੇ ਹੱਥ ਬੰਨ੍ਹ ਕੇ ਰੱਖੇ ਗਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੇ ਪਿਛਲੇ ਕਈ ਦਿਨਾਂ ਤੋਂ ਕੱਪੜੇ ਵੀ ਨਹੀਂ ਬਦਲੇ ਸਨ। ਇਨ੍ਹਾਂ ਵਿਅਕਤੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੈਂਪਾਂ ਵਿੱਚ ਸਰੀਰਕ ਤਸ਼ੱਦਦ ਵੀ ਕੀਤਾ ਗਿਆ ਹੈ। ਇਨ੍ਹਾਂ ਭਾਰਤੀ ਵਿਅਕਤੀਆ ਨੂੰ ਲੈ ਕੇ ਆਇਆ ਹਵਾਈ ਜਹਾਜ਼ ਰਾਤ ਲਗਪਗ 11:35 ਵਜੇ ਹਵਾਈ ਅੱਡੇ ’ਤੇ ਉਤਰਿਆ ਸੀ ਅਤੇ ਲਗਪਗ ਪੰਜ ਘੰਟੇ ਦੀ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਇਨ੍ਹਾਂ ਨੂੰ ਪੁਲੀਸ ਦੇ ਨਾਲ ਇਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।
You must be logged in to post a comment Login