ਦਿੱਲੀ ਅਸੈਂਬਲੀ ਲਈ ਭਲਕੇ ਬੁੱਧਵਾਰ ਨੂੰ ਪੈਣਗੀਆਂ ਵੋਟਾਂ

ਦਿੱਲੀ ਅਸੈਂਬਲੀ ਲਈ ਭਲਕੇ ਬੁੱਧਵਾਰ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 4 ਫਰਵਰੀ- ਦਿੱਲੀ ਅਸੈਂਬਲੀ ਦੀ ਚੋਣ ਲਈ ਬੁੱਧਵਾਰ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਆਜ਼ਾਦ ਅਤੇ ਹੋਰ ਸਥਾਨਕ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ 13,766 ਪੋਲਿੰਗ ਸਟੇਸ਼ਨਾਂ ’ਤੇ 1.56 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹਨ। ਇਸ ਵਿੱਚ 83.76 ਲੱਖ ਪੁਰਸ਼, 72.36 ਲੱਖ ਔਰਤਾਂ ਅਤੇ 1,267 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਅਪਾਹਜ ਵਿਅਕਤੀਆਂ ਲਈ 733 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਕਮਿਸ਼ਨ ਨੇ ਕਤਾਰ ਪ੍ਰਬੰਧਨ ਸਿਸਟਮ (ਕਿਊਐਮਐਸ) ਐਪ ਵੀ ਲਾਂਚ ਕੀਤਾ ਹੈ, ਜਿਸ ਨਾਲ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਭੀੜ ਦਾ ਪਤਾ ਲੱਗੇਗਾ।ਦਿੱਲੀ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਕਈ ਤਰ੍ਹਾਂ ਦੇ ਸੁਰੱਖਿਆ ਉਪਾਅ ਕੀਤੇ ਹਨ, ਜਿਸ ਵਿੱਚ ਅਰਧ ਸੈਨਿਕ ਬਲ, ਪੁਲੀਸ ਕਰਮਚਾਰੀ, ਸੀਸੀਟੀਵੀ, ਏਆਈ ਨਾਲ ਲੈਸ ਕੈਮਰੇ ਅਤੇ ਡਰੋਨ ਸ਼ਾਮਲ ਹਨ। ਦਿੱਲੀ ਪੁਲੀਸ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਚਿਹਰੇ ਦੀ ਪਛਾਣ ਪ੍ਰਣਾਲੀ ਦੀ ਵੀ ਵਰਤੋਂ ਕਰਦੀ ਹੈ।

You must be logged in to post a comment Login