ਅੰਮ੍ਰਿਤਪਾਲ ਸਿੰਘ ਦੇ ਨਾਮ ’ਤੇ ਵਾਇਰਲ ਪੱਤਰ ’ਚ ਕਈ ਸਨਸਨੀਖੇਜ਼ ਦਾਅਵੇ

ਅੰਮ੍ਰਿਤਪਾਲ ਸਿੰਘ ਦੇ ਨਾਮ ’ਤੇ ਵਾਇਰਲ ਪੱਤਰ ’ਚ ਕਈ ਸਨਸਨੀਖੇਜ਼ ਦਾਅਵੇ

ਚੰਡੀਗੜ੍ਹ, 14 ਫਰਵਰੀ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਮ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਫਿਲਹਾਲ ਮੁਲਤਵੀ ਕਰਨ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਹਿਲ ਦੇਣ ਦੀ ਗੱਲ ਕਹੀ ਗਈ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਹਲਫ਼ ਲੈਣ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਪੰਜਾਬ ਦੇ ਵਿਕਾਸ ਲਈ ਭਾਜਪਾ ਨਾਲ ਗੱਠਜੋੜ ਲਈ ਤਿਆਰ ਸੀ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਹਾਲਾਂਕਿ ਇਸ ਪੱਤਰ ਨੂੰ ਪੂਰੀ ਤਰ੍ਹਾਂ ਫਰਜ਼ੀ ਤੇ ਇਕ ਵੱਡੀ ਸਾਜ਼ਿਸ਼ ਦੱਸਿਆ ਹੈ। ਸੁਖਚੈਨ ਸਿੰਘ ਨੇ ਕਿਹਾ ਕਿ ਇਹ ਪੱਤਰ ਅੰਮ੍ਰਿਤਪਾਲ ਦੇ ਅਕਸ ਨੂੰ ਢਾਹ ਲਾਉਣ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਜਲਦੀ ਹੀ ਪੁਲੀਸ ਕੋਲ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰੇਗਾ। ਉਧਰ ਫਰਜ਼ੀ ਪੱਤਰ ਵਾਇਰਲ ਹੋਣ ਮਗਰੋਂ ਪੰਜਾਬ ਪੁਲੀਸ ਤੇ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਪੱਤਰ ਦੇ ਪਿੱਛੇ ਕੌਣ ਹੈ, ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਕਥਿਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨ ਦੇ ਮੁੱਦੇ ਨੂੰ ਕੁਝ ਸਮੇਂ ਲਈ ਲਾਂਭੇ ਰੱਖ ਕੇ ਪੰਜਾਬ ਦੇ ਹੱਕਾਂ ਤੇ ਹੋਰ ਅਧਿਕਾਰਾਂ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ। ਪੱਤਰ ਪੰਜਾਬ ਦੀ ਸਿਆਸੀ ਤਾਕਤ ਵਧਾਉਣ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਤਰੱਕੀ ਦੀ ਗੱਲ ਕਰਦਾ ਹੈ। ਪੱਤਰ ਦਾ ਸਭ ਤੋਂ ਵਿਵਾਦਿਤ ਉਹ ਹਿੱਸਾ ਹੈ ਜਿਸ ਵਿੱਚ ਲਿਖਿਆ ਹੈ ਕਿ ਜੇ ਪੰਜਾਬ ਦੀ ਭਲਾਈ ਲਈ ਭਾਜਪਾ ਨਾਲ ਸਮਝੌਤਾ ਕਰਨਾ ਪਵੇ ਤਾਂ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਵਿੱਚ ਸਿੱਖਾਂ ਦੇ ਹਿੱਤਾਂ ਦੀ ਰਾਖੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨੂੰ ਮੁੱਖ ਮੰਗਾਂ ਦੱਸਿਆ ਗਿਆ ਹੈ।

You must be logged in to post a comment Login