ਪੰਜਾਬ ਕੈਬਨਿਟ ’ਚ ਸ਼ਾਮਲ ਹੋਣਗੇ ਪੰਜ ਨਵੇਂ ਵਜ਼ੀਰ

ਪੰਜਾਬ ਕੈਬਨਿਟ ’ਚ ਸ਼ਾਮਲ ਹੋਣਗੇ ਪੰਜ ਨਵੇਂ ਵਜ਼ੀਰ

ਚੰਡੀਗੜ੍ਹ, 2 ਜੁਲਾਈ- ਪੰਜਾਬ ਵਜ਼ਾਰਤ ਵਿੱਚ ਨਵੇਂ ਵਿਸਥਾਰ ਨੂੰ ਅੱਜ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਅਗਲੇ ਹਫ਼ਤੇ ਸੋਮਵਾਰ ਨੂੰ ਨਵੇਂ ਵਜ਼ੀਰਾਂ ਨੂੰ ਹਲਫ਼ ਦਿਵਾਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਮੰਤਰੀਆਂ ਬਾਰੇ ਅੱਜ ਦਿੱਲੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਚਰਚਾ ਕੀਤੀ ਹੈ। ਸੂਤਰਾਂ ਅਨੁਸਾਰ ਕਰੀਬ ਢਾਈ ਘੰਟੇ ਚੱਲੀ ਮੀਟਿੰਗ ਵਿਚ ਨਵੇਂ ਵਜ਼ੀਰਾਂ ਦੀ ਚੋਣ ਅਤੇ ਕੁਝ ਵਜ਼ੀਰਾਂ ਦੇ ਵਿਭਾਗਾਂ ਵਿਚ ਫੇਰਬਦਲ ਨੂੰ ਹਰੀ ਝੰਡੀ ਦਿੱਤੀ ਗਈ ਹੈ। ਨਵੇਂ ਮੰਤਰੀਆਂ ਨੂੰ ਐਤਵਾਰ ਜਾਂ ਸੋਮਵਾਰ ਨੂੰ ਹਲਫ਼ ਦਿਵਾਏ ਜਾਣ ਦੀ ਸੰਭਾਵਨਾ ਹੈ।ਪੰਜਾਬ ਵਿੱਚ ਮਾਰਚ ਮਹੀਨੇ ‘ਆਪ’ ਸਰਕਾਰ ਬਨਣ ’ਤੇ ਪਹਿਲੇ ਗੇੜ ਵਿੱਚ ਕੈਬਨਿਟ ਵਿਚ 10 ਮੰਤਰੀ ਸ਼ਾਮਲ ਕੀਤੇ ਗਏ ਸਨ, ਜਿਨ੍ਹਾਂ ’ਚੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਵੇਲੇ ਮੁੱਖ ਮੰਤਰੀ ਤੋਂ ਇਲਾਵਾ ਵਜ਼ਾਰਤ ਵਿਚ 9 ਮੰਤਰੀ ਸ਼ਾਮਲ ਹਨ। ਸੂਤਰਾਂ ਅਨੁਸਾਰ ਦੂਸਰੇ ਗੇੜ ਵਿਚ ਚਾਰ ਜਾਂ ਪੰਜ ਵਜ਼ੀਰਾਂ ਨੂੰ ਸਹੁੰ ਚੁਕਾਈ ਜਾਣੀ ਹੈ ਜਿਨ੍ਹਾਂ ਵਿਚ ਇੱਕ ਮਹਿਲਾ ਵਿਧਾਇਕ ਨੂੰ ਵੀ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਮਹਿਲਾ ਵਿਧਾਇਕਾਂ ’ਚੋਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ, ਖਰੜ ਤੋਂ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਨੂੰ ਵਜ਼ਾਰਤ ਵਿਚ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ। ਸੂਤਰਾਂ ਮੁਤਾਬਕ ਇੱਕ ਵਜ਼ੀਰੀ ਦੂਸਰੀ ਦਫਾ ਬਣੇ ਵਿਧਾਇਕਾਂ ’ਚੋਂ ਦਿੱਤੇ ਜਾਣ ਦੀ ਸੰਭਾਵਨਾ ਹੈ, ਜਿਨ੍ਹਾਂ ’ਚ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦਾ ਨਾਮ ਸਿਖ਼ਰ ’ਤੇ ਦੱਸਿਆ ਜਾ ਰਿਹਾ ਹੈ। ਵਜ਼ਾਰਤ ਵਿਚ ਇੱਕ ਚਿਹਰਾ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੇ ਫਾਜ਼ਿਲਕਾ ’ਚੋਂ ਸ਼ਾਮਲ ਕੀਤਾ ਜਾ ਸਕਦਾ ਹੈ ਅਤੇ ਖਾਸ ਕਰਕੇ ਕੈਬਨਿਟ ਵਿਚ ਰਾਏ ਸਿੱਖ ਬਰਾਦਰੀ ਨੂੰ ਪ੍ਰਤੀਨਿਧਤਾ ਦਿੱਤੀ ਜਾ ਸਕਦੀ ਹੈ। ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਜਾਂ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਦੀ ਕਿਸਮਤ ਜਾਗ ਸਕਦੀ ਹੈ।

You must be logged in to post a comment Login