ਚੰਡੀਗੜ੍ਹ, 20 ਨਵੰਬਰ-ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਚੱਲੇਗਾ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਰਾਜਪਾਲ ਵੱਲੋਂ ਪਿਛਲੇ ਹਫ਼ਤੇ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਤੋਂ ਬਾਅਦ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਵਿੱਚ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023, ਪੰਜਾਬ ਗੁੱਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪੇਸ਼ ਕਰਨ ਦੀ ਸੰਭਾਵਨਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਯੂਨੀਵਰਸਿਟੀ ਵਿੱਚ ਨੌਂ ਨਵੀਆਂ ਆਸਾਮੀਆਂ ਸਿਰਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜ ਕੈਦੀਆਂ, ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਨੇੜੇ ਹਨ ਅਤੇ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਸੀ, ਦੇ ਮਾਮਲੇ ਕੈਬਨਿਟ ਮੀਟਿੰਗ ਦੌਰਾਨ ਵਿਚਾਰੇ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਇੱਕ ਨੂੰ ਜਲਦੀ ਰਿਹਾਈ ਲਈ ਮਨਜ਼ੂਰੀ ਦਿੱਤੀ ਗਈ ਹੈ।