ਭਾਜਪਾ ਚੋਣ ਰੈਲੀ ਨੇੜੇ ਪੁੱਜ ਕੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਲਹਿਰਾਈਆਂ

ਭਾਜਪਾ ਚੋਣ ਰੈਲੀ ਨੇੜੇ ਪੁੱਜ ਕੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਲਹਿਰਾਈਆਂ

ਕਾਹਨੂੰਵਾਨ, 24 ਮਈ- ਅੱਜ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਮੌਕੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰਕੇ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿੱਚ ਡੱਕ ਦਿੱਤਾ। ਅੱਜ ਸਵੇਰ ਤੋਂ ਹੀ ਗ੍ਰਿਫਤਾਰ ਕੀਤੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੂੰ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਜ਼ਿਲ੍ਹੇ ਭਰ ਦੇ ਵੱਖ ਵੱਖ ਥਾਣਿਆਂ ਸਮੇਤ ਥਾਣਾ ਕਾਹਨੂੰਵਾਨ ਅਤੇ ਭੈਣੀ ਮੀਆਂ ਖਾਂ ਵਿਖੇ ਡੱਕਿਆ ਗਿਆ। ਇਸ ਦੌਰਾਨ ਜ਼ਿਲ੍ਹੇ ਭਰ ਵਿੱਚ ਨਰਿੰਦਰ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਕਿਸਾਨਾਂ ਦੇ ਮਜ਼ਦੂਰਾਂ ਦੇ ਨਾਅਰਿਆਂ ਨਾਲ ਭਾਜਪਾ ਵਿਰੋਧੀ ਮਾਹੌਲ ਭਖਿਆ ਰਿਹਾ। ਇਸ ਮੌਕੇ ਥਾਣਾ ਭੈਣੀ ਮੀਆਂ ਖਾਂ ਵਿੱਚ ਡੱਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਅਮ੍ਰਿਤਸਰ ਤੋਂ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਗੁਪਤ ਰੂਪ ਵਿੱਚ ਚੱਲ ਕੇ ਰੈਲੀ ਵਾਲੀ ਜਗ੍ਹਾ ਉੱਤੇ ਪਹੁੰਚ ਗਈ, ਜਿਨ੍ਹਾਂ ਨੇ ਰੈਲੀ ਦੇ ਨੇੜੇ ਪਹੁੰਚ ਕੇ ਕਾਲੀਆਂ ਝੰਡੀਆਂ ਲਹਿਰਾਉਣੀਆਂ ਸ਼ੁਰੂ ਕੀਤੀਆਂ ਤਾਂ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਮੌਕੇ ਪੁਲੀਸ ਵੱਲੋਂ ਕਿਸਾਨਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਬੱਸਾਂ ਰਾਹੀਂ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤਾ ਗਿਆ।

You must be logged in to post a comment Login