ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 11 ਅਗਸਤ- ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੈਰਿਸ ਓਲੰਪਿਕ ਵਿਚ ਦਿਖਾਈ ਸ਼ਾਨਦਾਰ ਖੇਡ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ, ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਾਕੀ ਟੀਮ ਵਿਚ ਪੰਜਾਬ ਨਾਲ ਸਬੰਧਤ ਹਰੇਕ ਖਿਡਾਰੀ ਨੂੰ ਇੱਕ ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ਉੱਤੇ ਸਦਾ ਮਾਣ ਰਹੇਗਾ ਜਿਨ੍ਹਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

You must be logged in to post a comment Login