ਮੁਹਾਲੀ ਥਾਣੇ ਵਿਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

ਮੁਹਾਲੀ ਥਾਣੇ ਵਿਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

ਚੰਡੀਗੜ੍ਹ, 14 ਅਪਰੈਲ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਅੱਜ ਮੁਹਾਲੀ ਥਾਣੇ ਵਿਚ ਕੀਤੀ ਜਾਣ ਵਾਲੀ ਪੁੱਛ ਪੜਤਾਲ ਵਿੱਚ ਸ਼ਾਮਲ ਨਹੀਂ ਹੋਏ। ਮੁਹਾਲੀ ਦੇ ਐਸਪੀ ਹਰਬੀਰ ਸਿੰਘ ਅਟਵਾਲ ਨੇ ਬੀਤੇ ਕੱਲ੍ਹ ਬਾਜਵਾ ਨੂੰ ਸੰਮਨ ਭੇਜ ਕੇ ਸੋਮਵਾਰ ਦੁਪਹਿਰੇ 12 ਵਜੇ ਪੰਜਾਬ ਪੁਲੀਸ ਦੇ ਸਟੇਟ ਸਾਈਬਰ ਕਰਾਈਮ ਥਾਣਾ ਫੇਜ਼-7 ਵਿੱਚ ਜਾਂਚ ’ਚ ਸ਼ਾਮਲ ਹੋਣ ਲਈ ਸੱਦਿਆ ਸੀ। ਹਾਲਾਂਕਿ ਬਾਜਵਾ ਥਾਣੇ ਵਿੱਚ ਨਹੀਂ ਪਹੁੰਚੇ।ਕਰੀਬ ਇੱਕ ਘੰਟਾ ਪਹਿਲਾਂ ਹੀ ਬਾਜਵਾ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਥਾਣੇ ਵਿੱਚ ਪਹੁੰਚ ਕੇ ਅਧਿਕਾਰੀਆਂ ਨੂੰ ਬਾਜਵਾ ਦੀ ਤਰਫੋਂ ਇੱਕ ਅਰਜ਼ੀ ਸੌਂਪ ਕੇ ਭਲਕੇ 15 ਅਪਰੈਲ ਤੱਕ ਪੇਸ਼ ਹੋਣ ਦੀ ਮੋਹਲਤ ਮੰਗੀ ਹੈ। ਹੁਣ ਉਹ (ਬਾਜਵਾ) ਮੰਗਲਵਾਰ ਨੂੰ ਬਾਅਦ ਦੁਪਹਿਰ 2 ਵਜੇ ਮੁਹਾਲੀ ਦੇ ਥਾਣੇ ਵਿੱਚ ਪਹੁੰਚ ਕੇ ਜਾਂਚ ਵਿੱਚ ਸ਼ਾਮਲ ਹੋਣਗੇ। ਬਾਜਵਾ ਨੇ ਇਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਸੂਤਰਾਂ ਦੇ ਹਵਾਲੇ ਨਾਲ ਪੰਜਾਬ ਵਿੱਚ 50 ਬੰਬ ਆਉਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਵਿਚੋਂ 18 ਬੰਬ ਚੱਲ ਚੁੱਕੇ ਹਨ ਅਤੇ 32 ਅਜੇ ਚੱਲਣੇ ਬਾਕੀ ਹਨ। ਇਸ ਸਬੰਧੀ ਬਾਜਵਾ ਖਿਲਾਫ਼ ਪੰਜਾਬ ਪੁਲੀਸ ਦੇ ਸਟੇਟ ਸਾਈਬਰ ਕਰਾਈਮ ਥਾਣਾ ਫੇਜ਼-7 ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

You must be logged in to post a comment Login