ਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ

ਅੰਮ੍ਰਿਤਸਰ,  8  ਜੂਨ : ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ 4700 ਤੋਂ ਵੱਧ ਲਾਭਪਾਤਰੀਆਂ ਨੂੰ ਲਗਭਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਹੈ। ਸਮਾਗਮ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ  ਸਮੇਤ ਪੰਜ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਲੋਕ ਸੇਵਾ ਦੇ ਮੰਤਵ ਨੂੰ ਲੈ ਕੇ ਆਈ ਸੀ ਅਤੇ ਉਸ ਨੂੰ ਪੂਰਾ ਕਰਦਿਆਂ ਹੋਇਆਂ ਲੋਕਾਂ ਨੂੰ ਇਹ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਰਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਆਖਿਆ ਕਿ ਉਹ ਵੱਡੇ ਘਰਾਣਿਆਂ ਦੇ ਕਰਜ਼ੇ ਤਾਂ ਮੁਆਫ਼ ਕਰ ਸਕਦੇ ਹਨ ਪਰ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕਰਨਾ ਚਾਹੁੰਦੇ। ਮੁੱਖ ਮੰਤਰੀ ਨੇ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਆਖਿਆ ਕਿ ਉਨ੍ਹਾਂ ਨੇ ਵੀ ਕਰਜ਼ੇ ਹੇਠ ਦੱਬੇ ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਵਧੇਰੇ ਲੋਕ ਕਰਜ਼ੇ ਦੀ ਰਕਮ ਵਾਪਸ ਕਰ ਚੁੱਕੇ ਹਨ ਪਰ ਕੁਝ ਲੋਕ ਅਜਿਹੇ ਹਨ, ਜਿਨਾਂ ਦੀ ਮਾੜੀ ਆਰਥਿਕ ਸਥਿਤੀ ਦੇ ਕਾਰਨ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ। ਇਸ ਮੌਕੇ ਉਨ੍ਹਾਂ ਖਾਸਕਰ ਸ਼੍ਰੋਮਣੀ ਅਕਾਲੀ ਦਲ ਤੇ ਤਿੱਖੇ ਨਿਸ਼ਾਨੇ ਸੇਧੇ ਅਤੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਕੋਲ ਸੂਬੇ ਦੀ ਸੱਤਾ ਨਹੀਂ ਰਹੀ ਤਾਂ ਹੁਣ ਉਹ ਧਰਮ ਦੀ ਸੱਤਾ ’ਤੇ ਕਬਜ਼ਾ ਬਣਾਈ ਰੱਖਣਾ ਚਾਹੁੰਦੇ ਹਨ।

ਉਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਨਿਸ਼ਾਨੇ ’ਤੇ ਰੱਖਿਆ ਤੇ ਆਖਿਆ ਕਿ ਜਦੋਂ ਤੱਕ ਉਹ ਵਿੱਤ ਮੰਤਰੀ ਰਹੇ, ਉਹ ਇੱਕ ਹੀ ਰਾਗ ਅਲਾਪਦੇ ਰਹੇ  ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸਤਾ ਵਿੱਚ ਆਈ ਹੈ, ਸੂਬੇ ਦੇ ਵਿੱਤ ਮੰਤਰੀ ਨੇ ਕਦੇ ਵੀ ਖਜ਼ਾਨਾ ਖਾਲੀ ਹੋਣ ਦੀ ਗੱਲ ਨਹੀਂ ਕੀਤੀ। ਸਗੋਂ ਆਪ ਸਰਕਾਰ ਨੇ ਚੋਰ ਮੋਰੀਆਂ ਨੂੰ ਬੰਦ ਕੀਤਾ ਹੈ ਅਤੇ ਖਜ਼ਾਨੇ ਵਿੱਚ ਮਾਲੀਆ ਇਕੱਠਾ ਕੀਤਾ ਹੈ, ਜਿੰਨਾ ਵੀ ਮਾਲੀਆ ਇਕੱਠਾ ਕੀਤਾ ਉਹ ਲੋਕਾਂ ਦੀ ਸੇਵਾ ਲਈ ਵਰਤਿਆ ਜਾ ਰਿਹਾ ਹੈ।

You must be logged in to post a comment Login