ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਆਪਣੀ ਬਜਟ ਸਪੀਚ ਵਿੱਚ ਸ੍ਰੀ ਮੰਡਵਾਲਾ ਨੇ ਕਿਹਾ ਹੈ ਕਿ ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ।
ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ ਆਦਿ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅਕਾਲੀ ਦਲ ਦੀ ਵਿਰੋਧੀ ਧਿਰ ਵੱਲੋਂ ਵਾਕਆਊਟ, ਬਾਹਰ ਆ ਕੇ ਦਿੱਤਾ ਧਰਨਾ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਵਿੱਚ ਆਪਣੀ ਕੋਈ ਸੁਣਵਾਈ ਨਾ ਹੋਣ ’ਤੇ ਇਜਲਾਸ ਵਿਚੋਂ ਵਾਕਆਊਟ ਕਰ ਦਿੱਤਾ। ਉਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਆ ਕੇ ਧਰਨਾ ਦਿੱਤਾ ਹੈ। ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਭੌਰ, ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਤੇ ਹੋਰ ਸ਼ਾਮਿਲ ਹਨ। ਉਹਨਾਂ ਆਖਿਆ ਕਿ ਉਹ ਬਜਟ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਦੇ ਸਬੰਧ ਵਿੱਚ ਮਤਾ ਪੇਸ਼ ਕਰਨਾ ਚਾਹੁੰਦੇ ਸਨ, ਪਰ ਉਹਨਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖ਼ੁਦ ਵਿਸ਼ੇਸ਼ ਇਜਲਾਸ ਸੱਦਣ ਦੀ ਚੇਤਾਵਨੀ
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਅੱਜ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਸਬੰਧੀ ਮਤਾ ਨਹੀਂ ਲਿਆਂਦਾ ਗਿਆ, ਜਦੋਂ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਏਜੰਡੇ ਵਿੱਚ ਜਥੇਦਾਰਾਂ ਦੀ ਬਹਾਲੀ ਦਾ ਮਤਾ ਰੱਖਿਆ ਜਾਵੇ। ਉਹਨਾਂ ਦੋਸ਼ ਲਾਇਆ ਕਿ ਅੱਜ ਇਜਲਾਸ ਦੌਰਾਨ ਉਹਨਾਂ ਦੀ ਗੱਲ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਇਸ ਸਬੰਧੀ ਵਿਸ਼ੇਸ਼ ਇਜਲਾਸ ਨਾ ਸੱਦਿਆ ਗਿਆ ਤਾਂ ਉਹ ਆਪਣੇ ਤੌਰ ’ਤੇ ਵਿਸ਼ੇਸ਼ ਇਜਲਾਸ ਸੱਦਣਗੇ।
You must be logged in to post a comment Login