ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨ

ਚੰਡੀਗੜ੍ਹ, 15 ਫਰਵਰੀ- ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਬੁਰਜਗਿਲ, ਬਲਬੀਰ ਸਿੰਘ ਰਾਜੇਵਾਲ, ਲਖਵਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ ਸਣੇ ਹੋਰਨਾਂ ਮੈਂਬਰਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਤੋਂ ਬਾਅਦ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਪਸ਼ੂਆਂ ਡੰਗਰਾਂ ਦੀ ਮੌਤ ’ਤੇ ਕੋਈ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਪੂਰਾ ਬਣਦਾ ਮੁਆਵਜ਼ਾ ਨਹੀਂ ਮਿਲ ਸਕਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ 24 ਅਤੇ 25 ਫਰਵਰੀ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕੀਤਾ ਜਾਵੇ।

You must be logged in to post a comment Login