ਅੰਮ੍ਰਿਤਸਰ, 13 ਫਰਵਰੀ : ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਦੇ ਉੱਘੇ ਸਿੱਖ ਵਕੀਲ ਐਡਵੋਕੇਟ ਐਚਐਸ ਫੂਲਕਾ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਵੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਿਆਂ ਮਿਲਣ ਨੂੰ ਚਾਰ ਦਹਾਕੇ ਲੱਗੇ ਹਨ। ਉਨ੍ਹਾਂ ਦੱਸਿਆ ਕਿ ਇੱਕ ਉਹ ਵੀ ਸਮਾਂ ਆਇਆ ਸੀ ਜਦੋਂ ਦਿੱਲੀ ਪੁਲੀਸ ਨੇ ਇਸ ਕੇਸ ਨੂੰ ਬੰਦ ਕਰ ਦਿੱਤਾ ਸੀ।
ਐਨਡੀਏ ਦੀ ਸਰਕਾਰ ਵੇਲੇ ਸਿੱਖ ਕਤਲੇਆਮ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਮੁੜ ਸਿੱਟ ਬਣਾਈ ਗਈ ਸੀ, ਜਿਸ ਨੇ ਇਨ੍ਹਾਂ ਕੇਸਾਂ ਨੂੰ ਮੁੜ ਖੋਲ੍ਹਿਆ ਅਤੇ ਇਨ੍ਹਾਂ ਵਿੱਚ ਸੱਜਣ ਕੁਮਾਰ ਦਾ ਕੇਸ ਵੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਸੱਜਣ ਕੁਮਾਰ ਦੇ ਖਿਲਾਫ ਜਸਵੰਤ ਸਿੰਘ ਅਤੇ ਤਰਨਜੀਤ ਸਿੰਘ ਨਾਮੀ ਦੋ ਸਿੱਖਾਂ ਨੂੰ ਕਤਲ ਕਰਨ ਦਾ ਦੋਸ਼ ਹੈ। ਜਸਵੰਤ ਸਿੰਘ ਦੀ ਪਤਨੀ ਨੇ ਇਸ ਮਾਮਲੇ ਵਿੱਚ ਗਵਾਹੀ ਦਿੱਤੀ ਸੀ, ਜਿਸ ਦੇ ਆਧਾਰ ’ਤੇ ਇਹ ਕੇਸ ਮੁੜ ਚੱਲਿਆ ਅਤੇ ਉਸ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਹੁਣ 18 ਫਰਵਰੀ ਨੂੰ ਅਦਾਲਤ ਵਿੱਚ ਉਸ ਨੂੰ ਸਜ਼ਾ ਸੁਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਕੇਸ ਵਿੱਚ ਸੱਜਣ ਕੁਮਾਰ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਅਤੇ ਇੱਕ ਕੇਸ ਉਸ ਖਿਲਾਫ ਹੋਰ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਵੀ ਤਿੰਨ ਸਿੱਖਾਂ ਨੂੰ ਕਤਲ ਕਰਨ ਦਾ ਕੇਸ ਅਦਾਲਤ ਦੇ ਜ਼ੇਰੇ-ਗ਼ੌਰ ਹੈ। ਉਨ੍ਹਾਂ ਦੱਸਿਆ ਕਿ ਨਵੰਬਰ 1984 ਸਿੱਖ ਕਤਲੇਆਮ ਸਮੇਂ ਸਰਕਾਰੀ ਅੰਕੜਿਆਂ ਮੁਤਾਬਕ 2733 ਸਿੱਖਾਂ ਦਾ ਕਤਲ ਦਿੱਲੀ ਵਿੱਚ ਹੋਇਆ ਸੀ ਪਰ ਇਸ ਮਾਮਲੇ ਵਿੱਚ ਹੁਣ ਤੱਕ ਬਹੁਤ ਹੀ ਘੱਟ ਦੋਸ਼ੀਆਂ ਨੂੰ ਸਲਾਖਾਂ ਦੇ ਪਿੱਛੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਗਿਣਤੀ ਕੇਸਾਂ ’ਚ ਅਜੇ ਤੱਕ ਪੀੜਤਾਂ ਨੂੰ ਨਿਆ ਨਹੀਂ ਮਿਲਿਆ ਹੈ।
You must be logged in to post a comment Login