ਨਵੀਂ ਦਿੱਲੀ, 2 ਫਰਵਰੀ-ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਅਡਾਨੀ ਐਂਟਰਪ੍ਰਾਈਜਿਜ਼ ਮਾਮਲੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਚਰਚਾ ਅਤੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਵੀ ਮੰਗ ਕੀਤੀ, ਜਾਂ ਫਿਰ ਇਸ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਲੋਕ ਸਭਾ ਅਤੇ ਰਾਜ ਸਭਾ ਦੀਆਂ ਬੈਠਕਾਂ ਮੁਲਤਵੀ ਹੋਣ ਤੋਂ ਬਾਅਦ ਸ੍ਰੀ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਕਹਿਣਾ ਚਾਹੁੰਦੇ ਹਾਂ ਕਿ ਸਰਕਾਰ ਦਬਾਅ ਹੇਠ ਅਜਿਹੀਆਂ ਕੰਪਨੀਆਂ ਨੂੰ ਕਰਜ਼ਾ ਕਿਉਂ ਦੇ ਰਹੀ ਹੈ?’ ਉਨ੍ਹਾਂ ਕਿਹਾ, ‘ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐੱਲਆਈਸੀ, ਐੱਸਬੀਆਈ ਦੇ ਨਿਵੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਚਰਚਾ ਦੀ ਮੰਗ ਕਰ ਰਹੇ ਹਾਂ। ਸਾਡੀ ਮੰਗ ਹੈ ਕਿ ਜਾਂ ਤਾਂ ਜੇਪੀਸੀ ਬਣਾ ਕੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਜਾਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਹੇਠ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਪਾਰਦਰਸ਼ਤਾ ਹੋਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਪੈਸਾ ਬਚਿਆ ਹੈ। ਇਸ ਤੋਂ ਬਾਅਦ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਜੋ ਦੇਸ਼ ਨੂੰ ਪਤਾ ਲੱਗੇ ਕਿ ਸੱਚਾਈ ਕੀ ਹੈ।’

You must be logged in to post a comment Login