ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ; ਪੁਲੀਸ

ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ; ਪੁਲੀਸ

ਚੰਡੀਗੜ੍ਹ, 19 ਮਾਰਚ- ਪੰਜਾਬ ਪੁਲੀਸ ਨੇ ਕਿਹਾ ਕਿ ਕੱਟੜਪੰਥੀ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਨਿਚਰਵਾਰ ਦੇਰ ਰਾਤ ਨੂੰ ਜਲੰਧਰ ਦੇ ਨਕੋਦਰ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਉਹ ਹੁਣ ਭਗੌੜਾ ਹੈ ਅਤੇ ਅਸੀਂ ਉਸ ਦੀ ਭਾਲ ਕਰ ਰਹੇ ਹਾਂ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਵਾਂਗੇ।’’ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਛੇ ਤੋਂ ਸੱਤ ਗੰਨਮੈਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ਅੰਮ੍ਰਿਤਪਾਲ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ, ਜਿਸ ਵਿੱਚ ਪੁਲੀਸ ਨੇ ਉਸ ਦੀ ਅਗਵਾਈ ਵਾਲੀ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਜਦੋਂ ਅੰਮ੍ਰਿਤਪਾਲ ਉਸ ਦੇ ਕਾਫ਼ਲੇ ਨੂੰ ਰੋਕਿਆ ਗਿਆ ਤਾਂ ਪੁਲੀਸ ਨੂੰ ਚਮਕਾ ਦੇ ਕੇ ਉਹ ਫਰਾਰ ਹੋ ਗਿਆ। ਅਧਿਕਾਰੀਆਂ ਮੁਤਾਬਕ ਕਰਵਾਈ ਚੱਲਦੀ ਹੋਣ ਕਰਕੇ ਕਈ ਥਾਵਾਂ ’ਤੇ ਸੁਰੱਖਿਆ ਵਧਾ ਦਿੱਤੀ ਅਤੇ ਐਤਵਾਰ ਦੁਪਹਿਰ ਤੱਕ ਰਾਜ ਵਿੱਚ ਇੰਟਰਨੈਟ ਅਤੇ ਐੱਸਐੱਮਐੱਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਗਰੁੱਪ ਦੇ ਮੈਂਬਰਾਂ, ਜਿਨ੍ਹਾਂ ਵਿਰੁੱਧ ਕਈ ਅਪਰਾਧਕ ਮਾਮਲੇ ਦਰਜ ਕੀਤੇ ਗਏ ਹਨ, ਖ਼ਿਲਾਫ਼ ਪੁਲੀਸ ਨੇ ਸ਼ਨਿਚਰਵਾਰ ਨੂੰ ਰਾਜ ਵਿੱਚ ‘‘ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐੱਸਓ)’’ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਕਈਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ। 

You must be logged in to post a comment Login