ਅੰਮ੍ਰਿਤਸਰ: ਬੰਦੀ ਸਿੱਖਾਂ ਦੀ ਰਿਹਾਈ ਲਈ ਡੀਸੀ ਦਫ਼ਤਰ ਅੱਗੇ ਰੋਸ ਧਰਨਾ

ਅੰਮ੍ਰਿਤਸਰ: ਬੰਦੀ ਸਿੱਖਾਂ ਦੀ ਰਿਹਾਈ ਲਈ ਡੀਸੀ ਦਫ਼ਤਰ ਅੱਗੇ ਰੋਸ ਧਰਨਾ

ਅੰਮ੍ਰਿਤਸਰ , 12 ਸਤੰਬਰ- ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਮੈਂਬਰ ਸ਼ਾਮਲ ਹਨ।  ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ ਪਾਏ ਹੋਏ ਹਨ ਅਤੇ ਲੋਹੇ ਦੀਆਂ ਜ਼ੰਜੀਰਾਂ ਪਾਈਆਂ ਹੋਈਆਂ ਹਨ ਜੋ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਦਰਸਾਉਣ ਦਾ ਸੰਕੇਤ ਕਰਦੀਆਂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਮੈਂਬਰ ਤੇ ਕਰਮਚਾਰੀ ਇੱਥੇ ਗੁਰਦੁਆਰਾ ਸਾਰਾਗੜ੍ਹੀ ਨੇੜੇ ਇਕੱਠੇ ਹੋਏ, ਜਿੱਥੋਂ ਉਹ ਮੋਟਰਸਾਈਕਲ, ਸਕੂਟਰਾਂ ’ਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਆਖਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਸਮੁੱਚੀ ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਪ੍ਰਧਾਨ ਮੰਤਰੀ , ਕੇਂਦਰੀ ਗ੍ਰਹਿ ਮੰਤਰੀ ਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀਆਂ ਨੂੰ ਹੋਰ ਕਈ ਥਾਵਾਂ ’ਤੇ ਰਿਹਾਅ ਕੀਤਾ ਗਿਆ ਹੈ ਪਰ ਸਿੱਖ ਬੰਦੀਆਂ ਦੇ ਮਾਮਲੇ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ।

You must be logged in to post a comment Login