ਫਿਰੋਜ਼ਪੁਰ : ਫ਼ਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਮੁਖੀ ਲਵਮੀਤ ਕੌਰ ਵਿਵਾਦ ‘ਤੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਖਤ ਨੋਟਿਸ ਲਿਆ ਹੈ। ਫ਼ਿਰੋਜ਼ਪੁਰ ਦੇ ਇੰਸਪੈਕਟਰ ਜਨਰਲ ਨੇ ਇਸ ਘਟਨਾ ਦਾ ਹਵਾਲਾ ਦਿੰਦਿਆਂ ਪੰਜ ਜ਼ਿਲਿਆਂ ਦੇ ਸੀਨੀਅਰ ਪੁਲਸ ਕਪਤਾਨਾਂ ਨੂੰ ਪੁਲਸ ਮਰਿਆਦਾ ਵਿਚ ਰਹਿਣ ਦੀ ਚਿਤਾਵਨੀ ਦਿੱਤੀ ਹੈ। ਆਈ. ਜੀ. ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਘੁਬਾਇਆ ਅਤੇ ਮਹਿਲਾ ਪੁਲਸ ਅਧਿਕਾਰੀ ਦੀ ਗੱਲਬਾਤ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਪੁਲਸ ਦਾ ਅਕਸ ਖਰਾਬ ਹੋਇਆ ਹੈ। ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਨਾ ਕਰਕੇ ਸਿੱਧਾ ਸੋਸ਼ਲ ਮੀਡੀਆ ‘ਤੇ ਪਹੁੰਚ ਕਰਨਾ ਪੁਲਸ ਨਿਯਮਾਂ ਦੀ ਉਲੰਘਣਾ ਹੈ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਰੇਂਜ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਮੋਗਾ ਜ਼ਿਲਿਆਂ ਦੇ ਸੀਨੀਅਰ ਪੁਲਸ ਕਪਤਾਨਾਂ ਨੂੰ ਆਈ. ਜੀ. ਨੇ ਸੂਚਿਤ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਕਰਮਚਾਰੀ ਨੂੰ ਅਜਿਹੀ ਸਮੱਸਿਆ ਆਉਂਦੀ ਹੈ ਤਾਂ ਪਹਿਲਾਂ ਉਹ ਸੀਨੀਅਰ ਅਧਿਕਾਰੀਆਂ ਨੂੰ ਦੱਸੇ। ਜੇਕਰ ਇਹ ਸਮੱਸਿਆ ਜ਼ਿਲਾ ਪੱਧਰ ‘ਤੇ ਹੱਲ ਨਹੀਂ ਹੁੰਦੀ ਤਾਂ ਫ਼ਿਰੋਜ਼ਪੁਰ ਰੇਂਜ ਤਕ ਵੀ ਪਹੁੰਚ ਕੀਤੀ ਜਾ ਸਕਦੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।

You must be logged in to post a comment Login