ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ

ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ

ਅੰਮ੍ਰਿਤਸਰ, 29 ਅਗਸਤ- ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵੇਂ ਸਰੂਪ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲੀਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ, ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਿਆਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ।

You must be logged in to post a comment Login