ਚੰਡੀਗੜ੍ਹ, 14 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਸਿਆਸੀ ਜੰਗ ਸ਼ੁਰੂ ਹੋ ਗਈ ਹੈ| ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਲ-ਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਕਮਾਨ ਸੌਂਪਣ ਕਰਕੇ ਚੋਣਾਂ ’ਚ ਕਾਂਗਰਸ ਦੀ ਹਾਰ ਹੋਈ ਹੈ| ਇਨ੍ਹਾਂ ਦਲ-ਬਦਲੂਆਂ ਦਾ ਇਤਿਹਾਸ ਤੇ ਸਭਿਆਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦਾ ਸੀ। ਬਲਬੀਰ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਦਿਨ ਤਾਂ ਉਦੋਂ ਹੀ ਪੁੱਗਣੇ ਸ਼ੁਰੂ ਹੋ ਗਏ ਸਨ ਜਦੋਂ ਪੁਰਾਣੇ ਕਾਂਗਰਸੀ ਆਗੂ ਸੁਨੀਲ ਜਾਖੜ ਦੀ ਥਾਂ ਚਾਰ ਸਾਲ ਪਹਿਲਾਂ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵਜੋਤ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ। ਉਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਨਵਾਂ ਵਿਵਾਦ ਖੜ੍ਹਾ ਕਰ ਲਿਆ। ਸਾਬਕਾ ਮੰਤਰੀ ਨੇ ਕਿਹਾ ਕਿ ਤੀਜੀ ਗ਼ਲਤੀ ਉਸ ਵਕਤ ਹੋਈ ਜਦੋਂ ਵਿਧਾਇਕਾਂ ਦੀ ਪੂਰੀ ਹਮਾਇਤ ਦੇ ਬਾਵਜੂਦ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਕਿਉਂਕਿ ਉਹ ਹਿੰਦੂ ਸਨ।
ਸਾਬਕਾ ਮੰਤਰੀ ਨੇ ਕਿਹਾ ਕਿ ਚਰਨਜੀਤ ਚੰਨੀ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਆਪਣੀ ਕਿਸਮਤ ਅਜ਼ਮਾਈ ਸੀ। ਇਸੇ ਤਰ੍ਹਾਂ ਕਾਂਗਰਸ ਪਾਰਟੀ ਅਤੇ ਸਰਕਾਰ ਬਾਹਰਲੇ ਲੋਕਾਂ ਦੇ ਹਵਾਲੇ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸੀਨੀਅਰ ਅਤੇ ਪੁਰਾਣੇ ਆਗੂਆਂ ਨੂੰ ਟਿਕਟਾਂ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ, ਉਦੋਂ ਤੋਂ ਹੀ ਪਾਰਟੀ ਦੇ ਨਿਘਾਰ ਦਾ ਦੌਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਚੰਨੀ ਅਤੇ ਸਿੱਧੂ ਦੀ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਪਾਰਟੀ ਅੰਦਰ ਜੰਗ ਸ਼ੁਰੂ ਹੋ ਗਈ ਜਿਸ ਦਾ ਵਿਰੋਧੀਆਂ ਨੇ ਫ਼ਾਇਦਾ ਲਿਆ। ਉਨ੍ਹਾਂ ਕਿਹਾ ਕਿ ਚੰਨੀ ਤੇ ਸਿੱਧੂ ਵੱਲੋਂ ਚੋਣ ਪ੍ਰਚਾਰ ਦੌਰਾਨ ਵਰਤੀ ਗਈ ਭਾਸ਼ਾ ਨੇ ਵੀ ਇੱਕ ਵੱਡੇ ਤਬਕੇ ਨੂੰ ਆਪਣੇ ਵਿਰੁੱਧ ਕਰ ਲਿਆ। ਸਾਬਕਾ ਮੰਤਰੀ ਨੇ ਕਿਹਾ ਕਿ ਦੋਵੇਂ ਆਗੂ ਕੋਈ ਵੀ ਜ਼ਿੰਮੇਵਾਰੀ ਲੈਣ ਦੀ ਥਾਂ ਇਸ ਤਰ੍ਹਾਂ ਪੇਸ਼ ਆ ਰਹੇ ਹਨ ਜਿਵੇਂ ਉਨ੍ਹਾਂ ਨੇ ਕੋਈ ਮੋਰਚਾ ਫਤਹਿ ਕਰ ਲਿਆ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਾਈ ਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਜਿਸ ਨੇ ਕਾਂਗਰਸ ਦੀ ਕਿਸ਼ਤੀ ਡੋਬ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਲ ਬਦਲੂਆਂ ਨੂੰ ਕਦੇ ਵੀ ਪਾਰਟੀ ਦੀ ਪ੍ਰਧਾਨਗੀ ਨਹੀਂ ਦੇਣੀ ਚਾਹੀਦੀ ਪਰ ਉਨ੍ਹਾਂ ਨੂੰ ਮੰਤਰੀ ਬਣਾਉਣਾ ਕੋਈ ਮਾੜੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤਾਂ ਆਪਣੀ ਮੰਜੀ ਕਾਂਗਰਸ ਭਵਨ ਵਿੱਚ ਲਾਉਣ ਦੀ ਗੱਲ ਕਰਦੇ ਸੀ ਪਰ ਉਹ ਕਦੇ ਚੰਗੀ ਤਰ੍ਹਾਂ ਪ੍ਰਧਾਨ ਵਾਲੀ ਕੁਰਸੀ ’ਤੇ ਵੀ ਨਹੀਂ ਬੈਠੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਦੋਂ ਚਰਨਜੀਤ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰ ਦਿੱਤੇ ਸਨ ਤਾਂ ਉਦੋਂ ਹੀ ਚੰਨੀ ਨੂੰ ਆਪਣੇ ਭਰਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਸੀ। ਰੰਧਾਵਾ ਨੇ ਕਿਹਾ ਕਿ ਪਾਰਟੀ ਵਿਚ ਅਨੁਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਇਸੇ ਦੌਰਾਨ ਅੱਜ ਸੁਨੀਲ ਜਾਖੜ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਜੇ ਤਲਵਾੜ ਅਤੇ ਈਸ਼ਵਰਜੋਤ ਚੀਮਾ ਨੇ ਮੁਲਾਕਾਤ ਕੀਤੀ ਹੈ।
You must be logged in to post a comment Login