ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਮੁੱਚੀ ਰਾਜਧਾਨੀ ’ਚ ਦਫ਼ਾ 144 ਲਾਗੂ

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਮੁੱਚੀ ਰਾਜਧਾਨੀ ’ਚ ਦਫ਼ਾ 144 ਲਾਗੂ

ਨਵੀਂ ਦਿੱਲੀ, 12 ਫਰਵਰੀ- ਕੌਮੀ ਰਾਜਧਾਨੀ ਵਿੱਚ 13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ ਕਿੱਲਾਂ ਗੱਡ ਕੇ ਮਜ਼ਬੂਤ ​​ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰੇ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ। ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਜ਼ਿਆਦਾਤਰ ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।  ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨੇ ਅੱਜ ਜਾਰੀ ਕੀਤਾ। ਪੁਲੀਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ।

You must be logged in to post a comment Login