ਸਿਰਸਾ, 20 ਫਰਵਰੀ- ਕਿਸਾਨ ਜਥੇਬੰਦੀਆਂ ਵੱਲੋਂ 21 ਫਰਵਰੀ ਨੂੰ ਦਿੱਲੀ ਚੱਲੋ ਦੇ ਦਿੱਤੇ ਸੱਦੇ ਮਗਰੋਂ ਜਿਥੇ ਕਿਸਾਨ ਮੁੜ ਤੋਂ ਇਕੱਠੇ ਹੋ ਰਹੇ ਹਨ ਉਥੇ ਹੀ ਪੁਲੀਸ ਨੇ ਵੀ ਨਾਕਿਆਂ ’ਤੇ ਚੌਕਸੀ ਵਧਾ ਦਿੱਤੀ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਿਥੇ ਘੱਗਰ ਪੁਲ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ ਉਥੇ ਹੀ ਕਈ ਕਸਬਿਆਂ ਤੇ ਪਿੰਡਾਂ ਦੀਆਂ ਸੜਕਾਂ ’ਤੇ ਵੀ ਨਾਕੇ ਲਾਏ ਹੋਏ ਹਨ। ਹੁਣ ਨਾਕਿਆਂ ’ਤੇ ਚੌਕਸੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਹੋਈ ਹੈ ਅਤੇ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਵੱਲੋਂ 21 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਮਗਰੋਂ ਪੁਲੀਸ ਨੇ ਨਾਕਿਆਂ ’ਤੇ ਚੌਕਸੀ ਵਧਾ ਦਿੱਤੀ ਹੈ। ਦਿੱਲੀ ਜਾਣ ਲਈ ਪਿਛਲੇ ਇਕ ਹਫ਼ਤੇ ਤੋਂ ਪਿੰਡ ਪੰਜੂਆਣਾ ਨੇੜੇ ਨੈਸ਼ਨਲ ਹਾਈ ਵੇਅ ’ਤੇ ਡੇਰਾ ਲਾਈ ਬੈਠੇ ਕਿਸਾਨ ਆਗੂ ਜਸਬੀਰ ਸਿੰਘ ਭਾਟੀ ਨੇ ਦੱਸਿਆ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ। ਸਰਕਾਰ ਨਾਲ ਚਾਰ ਗੇੜ ਦੀ ਹੋਈ ਗੱਲਬਾਤ ’ਚ ਕੋਈ ਸਿੱਟਾ ਨਹੀਂ ਨਿਕਲਿਆ ਹੈ, ਇਸ ਲਈ ਕਿਸਾਨ ਹੁਣ ਦਿੱਲੀ ਜ਼ਰੂਰ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹੁਣ ਵੱਡੀ ਤਿਆਰੀ ਨਾਲ ਅਗੇ ਵਧਣਗੇ ਤੇ ਸਾਰੀ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਦਿੱਲੀ ਪੁੱਜਣਗੇ। ਉਧਰ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਅਤੇ ਕਿਸਾਨ ਸਭਾ ਦੇ ਆਗੂ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਹੈ ਕਿ ਸਰਕਾਰ ਦੀ ਟਾਲਮਟੋਲ ਨੀਤੀ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਭਲਕੇ 21 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਭਾਜਪਾ ਆਗੂਆਂ ਦੇ ਦਫ਼ਤਰਾਂ ਦਾ ਘੇਰਾਓ ਕਰਨਗੇ।

You must be logged in to post a comment Login