ਬਰਨਾਲਾ, 31 ਦਸੰਬਰ : ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸਥਾਨਕ ਤਰਕਸ਼ੀਲ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ,ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਦਸੂਹਾ ਗੰਨਾ ਕਮੇਟੀ (ਡੱਫਰ) ਸ਼ਾਮਲ ਹੋਈਆਂ।
ਅੱਜ ਇਕੱਤਰ ਹੋਈਆਂ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਗੁਰਮੀਤ ਸਿੰਘ ਮਹਿਮਾ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਵੱਲੋਂ ਜੋ ਕੇਸ ਵਾਪਸੀ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਘਟਨਾ ਉੱਪਰ ਵੀ ‘ਸਿਟ’ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਆਗੂਆਂ ਨੇ ਪੰਜਾਬ ਅੰਦਰਲੀਆਂ ਹੋਰ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨਾਂ ਦੀਆਂ ਜਥੇਬੰਦੀਆਂ ਨੂੰ ਇਸ ਐਕਸ਼ਨ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਇਸ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟਾਉਦਿਆਂ ਸਾਰੇ ਪੰਜਾਬ ਵਿੱਚ ਸੱਦਾ ਕਾਮਯਾਬ ਕਰਨ ਦੀ ਅਪੀਲ ਕੀਤੀ।
You must be logged in to post a comment Login