ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਚੰਡੀਗੜ੍ਹ, 8 ਨਵੰਬਰ : ਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਦਾ ਸਰੂਪ ਬਦਲੇ ਜਾਣ ਵਿਰੁੱਧ ਵਿੱਢੇ ਗਏ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਅੱਜ ਕੇਂਦਰ ਸਰਕਾਰ ਨੇ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਤੋਂ ਮੀਡੀਆ ਨੂੰ ਭੇਜੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਹ ਵੀ ਕਿਹਾ ਗਿਆ ਕਿ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ 2 ਮਾਰਚ 2021 ਨੂੰ ਗਠਿਤ ਉੱਚ ਪੱਧਰੀ ਕਮੇਟੀ ਦੀ ਸਿਫ਼ਾਰਸ਼ ਅਤੇ ਵੱਖ-ਵੱਖ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਦੇ ਆਧਾਰ ’ਤੇ ਭਾਰਤ ਸਰਕਾਰ ਨੇ ਪੰਜਾਬ ਪੁਨਰਗਠਨ ਐਕਟ, 1966 (1966 ਦਾ 31) ਦੀ ਧਾਰਾ 72 ਦੀ ਉਪ-ਧਾਰਾ (1), ਉਪ-ਧਾਰਾ (2) ਅਤੇ (3) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਸੰਵਿਧਾਨ ਤੇ ਰਚਨਾ ਨੂੰ ਸੋਧਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਸਾਬਕਾ ਉਪ ਕੁਲਪਤੀਆਂ ਅਤੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਵਾਈਸ ਚਾਂਸਲਰ ਤੋਂ ਪ੍ਰਾਪਤ ਫੀਡਬੈਕ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਇਸ ’ਤੇ ਮੁੜ ਵਿਚਾਰ ਕਰਿਦਆਂ ਉਪਰੋਕਤ ਹੁਕਮ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

You must be logged in to post a comment Login